ਕਿਹਾ-ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਵਿਰੁੱਧ
ਅੰਮ੍ਰਿਤਸਰ, 22 ਜੁਲਾਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਣਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਦੌਰਾਨ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਾਲ ਪਹਿਲਾਂ ਹੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ, ਜਿਸ ਦੀ ਸ਼ੁਰੂਆਤ ਅਪ੍ਰੈਲ 2025 ’ਚ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਕੀਤੀ ਗਈ ਸੀ। ਇਸੇ ਤਹਿਤ ਹੁਣ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ’ਚ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਸਮਾਗਮਾਂ ਦੀਆਂ ਤਰੀਕਾਂ ਅਨੁਸਾਰ ਹੀ ਸਰਕਾਰ ਵੱਲੋਂ ਵੱਖਰੇ ਪ੍ਰੋਗਰਾਮਾਂ ਦਾ ਐਲਾਨ ਕਰਨਾ ਸੰਗਤਾਂ ’ਚ ਦੁਬਿਧਾ ਦਾ ਕਾਰਨ ਬਣੇਗਾ, ਜੋ ਖਾਲਸਾ ਪੰਥ ਦੀਆਂ ਮਾਣਮੱਤੀਆਂ ਰਵਾਇਤਾਂ ਦੇ ਬਿਲਕੁਲ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਹਿਸੂਸ ਹੁੰਦਾ ਹੈ ਕਿ ਸਰਕਾਰ ਜਾਣਬੁਝ ਕੇ ਸਿੱਖ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਸ਼ਤਾਬਦੀਆਂ ਦੇ ਸਮਾਗਮ ਖਾਲਸਾ ਪੰਥ ਆਪ ਕਰਦਾ ਹੈ, ਜਿਸ ’ਚ ਸਮੁੱਚੀਆਂ ਸਿੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਅਹਿਮ ਹਿੱਸਾ ਪਾਉਂਦੀਆਂ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਮੌਜੂਦਾ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ, ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ, ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮੇਤ ਕਰੀਬ 12 ਸ਼ਤਾਬਦੀਆਂ ਆਈਆਂ ਹਨ, ਜਿਨ੍ਹਾਂ ਪ੍ਰਤੀ ਸਰਕਾਰ ਨੇ ਅੱਜ ਤੱਕ ਸੰਜੀਦਗੀ ਕਿਉਂ ਨਹੀਂ ਦਿਖਾਈ?
ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਭਲਾਈਪੁਰ, ਅਵਤਾਰ ਸਿੰਘ ਰਿਆ, ਗੁਰਮੀਤ ਸਿੰਘ ਬੂਹ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਵੀ ਹਾਜ਼ਰ ਸਨ।
Read More : ਹੁਣ ਸੁਪਰੀਮ ਕੋਰਟ ’ਚ ਜਾਣਗੇ ਐੱਮ. ਪੀ. ਅੰਮ੍ਰਿਤਪਾਲ ਸਿੰਘ