ਹਰਜੋਤ ਸਿੰਘ ਬੈਂਸ

ਲੁਧਿਆਣਾ ਦੇ ‘ਫਰਜ਼ੀ ਸਕੂਲ’ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ; ਮਾਨਤਾ ਰੱਦ ਤੇ ਕੇਸ ਦਰਜ ਕਰਨ ਦੇ ਹੁਕਮ

27 ਵਿਦਿਆਰਥੀਆਂ ਦੇ ਰੋਲ ਨੰਬਰ ਰੱਦ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਸਖ਼ਤ ਚਿਤਾਵਨੀ

ਚੰਡੀਗੜ੍ਹ, 16 ਫਰਵਰੀ : ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਸ਼ਿਕੰਜਾ ਕੱਸਿਆ ਹੈ। ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਹੋਣ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ’ਚ ਸਕੂਲ ਦੀ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ (ਐੱਫ.ਆਈ.ਆਰ.) ਦਰਜ ਕਰਨਾ ਸ਼ਾਮਲ ਹੈ। ਪੀ.ਐੱਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜ਼ੀਕਲ ਜਾਂਚ ਦੌਰਾਨ ਇਸ ਸਕੂਲ ਦਾ ਕੋਈ ਵਜੂਦ ਸਾਹਮਣੇ ਨਹੀਂ ਆਇਆ। ਸਕੂਲ ਦੀ ਇਮਾਰਤ ਕਿਰਾਏ ’ਤੇ ਦਿੱਤੀ ਗਈ ਸੀ ਅਤੇ ਉੱਥੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਵੀ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੀਆਂ ਸੰਸਥਾਵਾਂ ਨੂੰ ਬਖ਼ਸ਼ਣ ਦੇ ਰੌਅ ’ਚ ਨਹੀਂ ਹੈ।

ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ‘ਗੋਸਟ ਸਕੂਲ’ (ਕਾਗਜ਼ੀ ਸਕੂਲ) ਚਲਾਉਣ ਵਾਲਿਆਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ।” ਉਨ੍ਹਾਂ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਯੋਗ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ। ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਪੜਤਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Read More : ਚਿੱਟੇ ਦੇ ਕਲੰਕ ਨੂੰ ਧੋਣ ਦਾ ਸਿਹਰਾ ‘ਆਪ’ ਸਰਕਾਰ ਦੇ ਸਿਰ : ਭਗਵੰਤ ਮਾਨ

Leave a Reply

Your email address will not be published. Required fields are marked *