16 ਹਜ਼ਾਰ ਤੋਂ ਵੱਧ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦਾ ਮਿਲਿਆ ਲਾਭ; ਭਲਾਈ ਕਾਰਜਾਂ ਲਈ 7.86 ਕਰੋੜ ਰੁਪਏ ਜਾਰੀ
ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸਿਹਤ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦੀ ਖਾਸ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੇ ਤਹਿਤ ਲਗਾਏ ਗਏ ਕੈਂਪਾਂ ਵਿੱਚ ਹੁਣ ਤੱਕ 16,000 ਤੋਂ ਵੱਧ ਬਜ਼ੁਰਗਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਿਆ ਗਿਆ ਹੈ।
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਬਜ਼ੁਰਗਾਂ ਦੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਗਤੀਵਿਧੀਆਂ ਲਈ 7.86 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗਾਂ ਨੂੰ ਇਲਾਜ ਦੇ ਨਾਲ-ਨਾਲ ਕਾਨੂੰਨੀ ਅਤੇ ਸਮਾਜਿਕ ਸੁਰੱਖਿਆ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਕੈਂਪਾਂ ਦੌਰਾਨ 4543 ਬਜ਼ੁਰਗਾਂ ਦੀ ਸਿਹਤ ਦੀ ਜਾਂਚ, 2071 ਦਾ ਹੱਡੀਆਂ ਦਾ ਮੁਆਇਨਾ ਅਤੇ 3705 ਬਜ਼ੁਰਗਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ। ਇਸੇ ਤਰ੍ਹਾਂ ਅਲੀਮਕੋ ਸਕੀਮ ਤਹਿਤ 243 ਬਜ਼ੁਰਗਾਂ ਨੂੰ ਰਜਿਸਟਰਡ ਕਰਕੇ ਲੋੜਵੰਦਾਂ ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 355 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ ਅਤੇ 393 ਬਜ਼ੁਰਗਾਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਗਏ।
ਡਾ. ਬਲਜੀਤ ਕੌਰ ਨੇ ਦੱਸਿਆ ਕਿ 2187 ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣ ਸਕੇ। ਬਜ਼ੁਰਗਾਂ ਦੀ ਮਾਨਸਿਕ ਖੁਸ਼ੀ ਲਈ ਗਿੱਧਾ, ਭੰਗੜਾ ਤੇ ਨਾਟਕ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ 1841 ਬਜ਼ੁਰਗਾਂ ਨੇ ਯੋਗਾ ਕੈਂਪਾਂ ਵਿੱਚ ਹਿੱਸਾ ਲਿਆ।
ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਕੈਂਪ ਲੱਗ ਚੁੱਕੇ ਹਨ ਅਤੇ ਫਰੀਦਕੋਟ ਤੇ ਸੰਗਰੂਰ ਵਿੱਚ ਜਲਦ ਹੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਮਾਨ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਜ਼ੁਰਗਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜ਼ਰੂਰ ਲੈ ਕੇ ਆਉਣ।
Read More : ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਐੱਸ.ਐੱਮ.ਓ. ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼
