ਅੰਮ੍ਰਿਤਸਰ, 16 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਸ ਖ਼ਿੱਤੇ ਵਿਚ ਸ਼ਾਂਤੀ ਤੇ ਤਰੱਕੀ ਚਾਹੁੰਦੀਆਂ ਹਨ ਤਾਂ ਇਸ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧ ਆਪਸ ਵਿਚ ਸੁਖਾਵੇਂ ਹੋਣ ਅਤੇ ਇਹ ਦੇਸ਼ ਆਪਸ ਵਿਚ ਵਪਾਰ ਦੇ ਰਸਤੇ ਖੋਲ੍ਹਣ।
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਪਰ ਭਾਰਤ ਸਰਕਾਰ ਵੱਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ।
