ਡਾ. ਬਲਜੀਤ ਕੌਰ ਨੇ ਸਾਂਝੇ ਕੀਤੇ ਅੰਕੜੇ—ਬਜ਼ੁਰਗਾਂ ਦੀ ਸਿਹਤ ਅਤੇ ਸਹਾਇਤਾ ਲਈ 7.86 ਕਰੋੜ ਰੁਪਏ ਦਾ ਬਜਟ ਜਾਰੀ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਸਰਕਾਰ ਵੱਲੋਂ ਚਲਾਈ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਬਜ਼ੁਰਗਾਂ ਦੀ ਭਲਾਈ ਲਈ ਇੱਕ ਮੀਲ ਪੱਥਰ ਸਾਬਤ ਹੋ ਰਹੀ ਹੈ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਸ ਪਹਿਲਕਦਮੀ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਲਗਭਗ 9,000 ਸੀਨੀਅਰ ਨਾਗਰਿਕ ਰਜਿਸਟਰਡ ਹੋ ਕੇ ਇਨ੍ਹਾਂ ਵਿਸ਼ੇਸ਼ ਸਿਹਤ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗਾਂ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਅੰਕੜਿਆਂ ਅਨੁਸਾਰ, 2,607 ਬਜ਼ੁਰਗਾਂ ਨੇ ਅੱਖਾਂ ਦੀ ਜਾਂਚ, 2,268 ਨੇ ਆਮ ਸਿਹਤ ਜਾਂਚ ਅਤੇ 1,241 ਨੇ ਆਰਥੋਪੀਡਿਕ (ਹੱਡੀਆਂ) ਦੀ ਜਾਂਚ ਕਰਵਾਈ ਹੈ।
ਇਸ ਤੋਂ ਇਲਾਵਾ ਬਜ਼ੁਰਗਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ 631 ਨਾਗਰਿਕਾਂ ਨੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲਿਆ। 791 ਬਜ਼ੁਰਗਾਂ ਨੇ ਆਯੁਰਵੈਦਿਕ ਅਤੇ 551 ਨੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਦਾ ਲਾਭ ਲਿਆ, ਜੋ ਕਿ ਸਰਕਾਰ ਦੀ ਸਰਬਪੱਖੀ ਸਿਹਤ ਪਹੁੰਚ ਨੂੰ ਦਰਸਾਉਂਦਾ ਹੈ।
ਸਿਹਤ ਸੇਵਾਵਾਂ ਦੇ ਨਾਲ-ਨਾਲ ਬਜ਼ੁਰਗਾਂ ਨੂੰ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਵੀ ਕਦਮ ਚੁੱਕੇ ਗਏ ਹਨ। ਅਲੀਮਕੋ ਸਕੀਮ ਤਹਿਤ 89 ਬਜ਼ੁਰਗਾਂ ਨੂੰ ਵ੍ਹੀਲਚੇਅਰ, ਐਨਕਾਂ ਅਤੇ ਸੁਣਨ ਵਾਲੇ ਯੰਤਰ ਮੁਫ਼ਤ ਪ੍ਰਦਾਨ ਕੀਤੇ ਗਏ। ਕੈਂਪਾਂ ਦੌਰਾਨ ਹੀ 233 ਲਾਭਪਾਤਰੀਆਂ ਦੇ ਬੁਢਾਪਾ ਪੈਨਸ਼ਨ ਫਾਰਮ ਭਰੇ ਗਏ ਅਤੇ 306 ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਨਾ ਆਵੇ।
ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਲਈ ₹7.86 ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ 14 ਜ਼ਿਲ੍ਹਿਆਂ ਵਿੱਚ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ। ਫਰਵਰੀ ਮਹੀਨੇ ਦੇ ਅਖੀਰ ਤੱਕ ਜਲੰਧਰ, ਕਪੂਰਥਲਾ, ਸੰਗਰੂਰ ਅਤੇ ਤਰਨਤਾਰਨ ਵਰਗੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਇਹ ਕੈਂਪ ਪੜਾਅਵਾਰ ਲਗਾਏ ਜਾਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਮਾਨ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਵਚਨਬੱਧ ਹੈ।
Read More : 180 ਈ.ਟੀ.ਟੀ. ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਸਖ਼ਤ
