ਸਿਆਸੀ ਪਾਰਟੀਆਂ ਤੇ ਧਰਮ ਗੁਰੂਆਂ ਨੂੰ ਜਨ ਅੰਦੋਲਨ ਬਣਾਉਣ ਦਾ ਸੱਦਾ
ਫਾਜ਼ਿਲਕਾ, 11 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਪੈਦਲ ਯਾਤਰਾ ਦੇ ਤੀਜੇ ਦਿਨ ਬੁੱਧਵਾਰ ਨੂੰ ਫਾਜ਼ਿਲਕਾ ’ਚ ਭਾਰਤੀ ਰੈੱਡ ਕਰਾਸ ਸੋਸਾਇਟੀ ਅਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਨਾਲ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੈਦਲ ਮਾਰਚ ਕੱਢਿਆ। ਇਸ ਮਾਰਚ ’ਚ ਜ਼ਿਲਾ ਫਾਜ਼ਿਲਕਾ ਅਤੇ ਗੁਆਂਢੀ ਜ਼ਿਲਿਆਂ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ।
ਸਥਾਨਕ ਸੰਜੀਵ ਪੈਲੇਸ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਦੇ ਦੌਰੇ ਦੌਰਾਨ ਜਦੋਂ ਕੁਝ ਮਹਿਲਾਵਾਂ ਨੇ ਰੋਂਦਿਆਂ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਉਨ੍ਹਾਂ ਨੇ ਧਰਮ ਗੁਰੂਆਂ, ਵਾਈਸ ਚਾਂਸਲਰਾਂ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਹਾਜ਼ਰੀਨ ਨੂੰ ‘ਨਸ਼ਿਆਂ ਤੋਂ ਦੂਰ, ਜੀਓ ਭਰਪੂਰ’ ਵਰਗੇ ਨਾਅਰੇ ਲਗਵਾਏ ਅਤੇ ਨਸ਼ਾ ਨਾ ਕਰਨ ਦੀ ਸਹੁੰ ਚੁਕਵਾਈ।
ਰਾਜਪਾਲ ਨੇ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਇਸ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। 81 ਸਾਲਾ ਰਾਜਪਾਲ ਨੇ ਸੰਜੀਵ ਸਿਨੇਮਾ ਚੌਕ ਤੋਂ ਘੰਟਾਘਰ ਤੱਕ ਪੈਦਲ ਮਾਰਚ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸਿੰਘ ਸੋਢੀ, ਕਰਨ ਗਿਲਹੋਤਰਾ, ਕ੍ਰਿਕਟਰ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ, ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।
