ਨਿਸ਼ਾਨ-ਏ-ਸਿੱਖੀ ਦੇ ਕਾਰਜਾਂ ਦੀ ਕੀਤੀ ਸ਼ਲਾਘਾ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦਾ ਦਿੱਤਾ ਸੱਦਾ
ਤਰਨ ਤਾਰਨ, 8 ਫਰਵਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ), ਖਡੂਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ‘ਸਿਰੋਪਾਓ’ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਰਾਜਪਾਲ ‘ਨਿਸ਼ਾਨ-ਏ-ਸਿੱਖੀ’ ਸੰਸਥਾ ਵਿਖੇ ਪਹੁੰਚੇ, ਜਿੱਥੇ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਜਪਾਲ ਨੇ ਉੱਥੇ UPSC ਅਤੇ JEE ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਖਾਸ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੂੰ ਸਫ਼ਲਤਾ ਦੀ ਕੁੰਜੀ ਦੱਸਿਆ।
ਨਿਸ਼ਾਨ-ਏ-ਸਿੱਖੀ ਸੰਸਥਾ ਦੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੇ ਸਕਾਰਾਤਮਕ ਵਿਕਾਸ ਲਈ ਅੱਗੇ ਆਉਣ। ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਉਨ੍ਹਾਂ ਸੰਸਥਾ ਦੇ ਵਿਹੜੇ ਵਿੱਚ ਅੰਬ ਦਾ ਬੂਟਾ ਵੀ ਲਗਾਇਆ।
ਇਸ ਦੌਰੇ ਦੌਰਾਨ ਰਾਜਪਾਲ ਨਾਲ ਹੇਠ ਵਿਵੇਕ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ (ਪੰਜਾਬ ਦੇ ਰਾਜਪਾਲ), ਸ਼ਿਵਦੁਲਾਰ ਸਿੰਘ, ਸਕੱਤਰ (ਰੈੱਡ ਕਰਾਸ ਸੋਸਾਇਟੀ ਪੰਜਾਬ), ਰਾਹੁਲ, ਡਿਪਟੀ ਕਮਿਸ਼ਨਰ (ਤਰਨਤਾਰਨ), ਸੁਰੇਂਦਰ ਲਾਂਬਾ, ਐਸ.ਐਸ.ਪੀ., ਸੰਜੀਵ ਸ਼ਰਮਾ, ਐਸ.ਡੀ.ਐਮ. (ਖਡੂਰ ਸਾਹਿਬ) ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
Read More : ਭਾਰਤੀ ਸੈਨਾ ਦੀਆਂ ਗੁਪਤ ਜਾਣਕਾਰੀਆਂ ਪਾਕਿਸਤਾਨ ਭੇਜਣ ਵਾਲਾ ਜਾਸੂਸ ਗ੍ਰਿਫ਼ਤਾਰ
