Breaking news

ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਗ੍ਰੇਨੇਡ ਧਮਾਕਾ, ਪੂਰੇ ਸ਼ਹਿਰ ਵਿਚ ਅਲਰਟ

ਸਕੂਟੀ ਵਿੱਚ ਰੱਖ ਕੇ ਕੀਤਾ ਗਿਆ ਧਮਾਕਾ, ਐੱਨ.ਆਈ.ਏ. ਅਤੇ ਫੋਰੈਂਸਿਕ ਟੀਮਾਂ ਵੱਲੋਂ ਮੌਕੇ ਦੀ ਜਾਂਚ

ਚੰਡੀਗੜ੍ਹ, 1 ਅਪ੍ਰੈਲ : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਅੱਜ ਸ਼ਾਮ ਇੱਕ ਜ਼ੋਰਦਾਰ ਗ੍ਰੇਨੇਡ ਧਮਾਕਾ ਹੋਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਬੁੱਧਵਾਰ ਸ਼ਾਮ ਕਰੀਬ ਪੰਜ ਵਜੇ ਹੋਏ ਇਸ ਧਮਾਕੇ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧਮਾਕਾ ਦਫ਼ਤਰ ਦੇ ਬਾਹਰ ਖੜ੍ਹੀ ਇੱਕ ਐਕਟਿਵਾ ਸਕੂਟੀ ਵਿੱਚ ਹੋਇਆ ਹੈ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਮਾਰਤ ਦੀ ਕੰਧ ਅਤੇ ਨੇੜੇ ਖੜ੍ਹੀਆਂ ਗੱਡੀਆਂ ’ਤੇ ਕਰੀਬ 70 ਛੱਰਿਆਂ ਦੇ ਨਿਸ਼ਾਨ ਮਿਲੇ ਹਨ ਅਤੇ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਜਿਨ੍ਹਾਂ ਵਿੱਚ ਆਈ.ਜੀ. ਪੁਸ਼ਪਿੰਦਰ ਕੁਮਾਰ ਅਤੇ ਐੱਸ.ਐੱਸ.ਪੀ. ਕੰਵਰਦੀਪ ਕੌਰ ਸ਼ਾਮਲ ਸਨ, ਮੌਕੇ ’ਤੇ ਪਹੁੰਚੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਅਤੇ ਫੋਰੈਂਸਿਕ ਮੋਬਾਈਲ ਟੀਮਾਂ ਨੇ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ।

ਜਾਂਚ ਦੌਰਾਨ ਪਤਾ ਲੱਗਾ ਹੈ ਕਿ ਜਿਸ ਸਕੂਟੀ ਵਿੱਚ ਧਮਾਕਾ ਹੋਇਆ, ਉਹ ਭਾਜਪਾ ਦਫ਼ਤਰ ਵਿੱਚ ਹੀ ਕੰਮ ਕਰਨ ਵਾਲੇ ਇੱਕ ਮੁਲਾਜ਼ਮ ਦੀ ਸੀ। ਪੁਲਿਸ ਹੁਣ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਧਮਾਕਾ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਦੀ ਪਛਾਣ ਕੀਤੀ ਜਾ ਸਕੇ।

ਪੰਜਾਬ ਭਾਜਪਾ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਇਸ ਘਟਨਾ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਦੀ ਇਮਾਰਤ ਅਤੇ ਬਾਹਰ ਖੜ੍ਹੀਆਂ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਵੀ ਜਾਂਚ ਕਰ ਰਹੀਆਂ ਹਨ ਕਿ ਕੀ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ।

ਦੂਜੇ ਪਾਸੇ, ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਗ੍ਰੇਨੇਡ ਦੀ ਪਿੰਨ ਖੋਲ੍ਹਦਾ ਨਜ਼ਰ ਆ ਰਿਹਾ ਹੈ। ਪੁਲਿਸ ਵੱਲੋਂ ਸੈਕਟਰ-39 ਥਾਣੇ ਵਿੱਚ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ ਅਤੇ ਪੂਰੇ ਚੰਡੀਗੜ੍ਹ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Read More : ਡੀ.ਐੱਮ. ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ ’ਚ ਮੌਤ

Leave a Reply

Your email address will not be published. Required fields are marked *