9 ਫਰਵਰੀ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੋ ਕੇ ਦੇਣਾ ਪਵੇਗਾ ਲਿਖਤੀ ਸਪੱਸ਼ਟੀਕਰਨ
ਅੰਮ੍ਰਿਤਸਰ, 7 ਫਰਵਰੀ : ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਤਲਬ ਕੀਤਾ ਗਿਆ ਹੈ।
ਗੁਰਜੰਟ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 9 ਫਰਵਰੀ ਨੂੰ ਸਵੇਰੇ 10 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਦੇਣ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ-ਸਤਿਕਾਰ ਵਿਰੁੱਧ ਬੋਲਣ ਜਾਂ ਉਨ੍ਹਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਕੋਈ ਅਧਿਕਾਰ ਨਹੀਂ ਹੈ।
ਜਾਰੀ ਬਿਆਨ ਅਨੁਸਾਰ ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ 9 ਫਰਵਰੀ ਦੀ ਪੇਸ਼ੀ ’ਤੇ ਟਿਕੀਆਂ ਹੋਈਆਂ ਹਨ।
Read More : 11ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
