Gurpreet Guggi

ਹੜ੍ਹ ਪੀੜਤਾਂ ਦੀ ਮਦਦ ਲਈ ਗੁਰਪ੍ਰੀਤ ਘੁੱਗੀ ਵੀ ਅੱਗੇ ਆਏ

ਜ਼ਿਲਾ ਪ੍ਰਸ਼ਾਸਨ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਦਿੱਤੀ

ਗੁਰਦਾਸਪੁਰ, 3 ਸਤੰਬਰ : ਜ਼ਿਲਾ ਗੁਰਦਾਸਪੁਰ ’ਚ ਹੜ੍ਹ ਪੀੜਤਾਂ ਦੀ ਮਦਦ ਲਈ ਜਿੱਥੇ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ, ਉਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ।

ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲਾ ਪ੍ਰਸ਼ਾਸਨ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮੱਗਰੀ ਵਜੋਂ ਦਿੱਤੇ।

ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜਤਾਂ ਦੀ ਸਹਾਇਤਾ ਲਈ, ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ’ਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੋਹਾਲੀ ਅਤੇ ਮਨੌਲੀ ਪਿੰਡ ਤੋਂ ਆਪਣੇ ਸਾਥੀਆਂ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਆਏ ਹਨ ਅਤੇ ਉਨ੍ਹਾਂ ਨੇ ਇਹ ਰਾਹਤ ਸਮੱਗਰੀ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਏ ਸਹਾਇਤਾ ਕੇਂਦਰ ’ਚ ਦਿੱਤੀ ਹੈ। ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ’ਚ ਪੰਜਾਬੀਆਂ ਦਾ ਕੋਈ ਸਾਨੀ ਨਹੀਂ ਹੈ ਅਤੇ ਇਸੇ ਸਮੇਂ ਵੀ ਸਮਾਜ ਸੇਵੀ ਸੰਸਥਾਵਾਂ ਪੂਰੀ ਸੇਵਾ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਗੁਰਦਾਸਪੁਰ ’ਚ ਹੜ੍ਹ ਪੀੜਤਾਂ ਦੀ ਮਦਦ ਕਰਨ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਲੋਕਾਂ ਨੂੰ ਕਿਸ ਵਸਤੂ ਦੀ ਜ਼ਰੂਰਤ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਆਰ.ਟੀ.ਓ. ਨਵਜੋਤ ਸ਼ਰਮਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਗੁਰਪ੍ਰੀਤ ਸਿੰਘ ਘੁੱਗੀ ਤੇ ਸਾਥੀਆਂ ਦਾ ਜ਼ਿਲਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕੀਤਾ।

Read More : ਹਰਮੀਤ ਪਠਾਣਮਾਜਰਾ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਭੜਕੇ ਸਮਰਥਕ

Leave a Reply

Your email address will not be published. Required fields are marked *