ਕਿਹਾ-ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ
ਚੰਡੀਗੜ੍ਹ, 25 ਮਾਰਚ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਇਹ ਨੌਕਰੀਆਂ ਵਿਭਾਗ ਦੇ ਉਨ੍ਹਾਂ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਆਰਥਿਕ ਸਹਾਰੇ ਦੀ ਲੋੜ ਸੀ।
ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ 2 ਨੂੰ ਕਲਰਕ, 9 ਨੂੰ ਸੇਵਾਦਾਰ, ਇਕ ਨੂੰ ਸਹਾਇਕ ਸੇਵਾਦਾਰ, ਇਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣਾ ਫ਼ਰਜ਼ ਨਿਭਾਇਆ ਹੈ, ਹੁਣ ਨਵੇਂ ਮੁਲਾਜ਼ਮਾਂ ਦੀ ਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਸਈਦ ਸਹਿਰੀਸ਼ ਅਸਗਰ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
Read More : ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ
