ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ।
ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ।
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤੇ ਅਕੀਦੇ ਦੀ ਆਜ਼ਾਦੀ ਵਾਸਤੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਸਾਡੇ ਦੇਸ਼ ਦਾ ਨਕਸ਼ਾ ਅਤੇ ਧਾਰਮਿਕ ਰੰਗਤ ਵੱਖਰੀ ਹੀ ਹੁੰਦੀ। ਗੁਰੂ ਸਾਹਿਬ ਨੇ ਉਸ ਸਮੇਂ ਸ਼ਾਸਕਾਂ ਦੇ ਜ਼ੁਲਮਾਂ ਦਾ ਡੱਟ ਕੇ ਸਾਹਮਣਾ ਕੀਤਾ।ਜਦੋਂ ਹਿੰਦੂ ਭਾਈਚਾਰੇ ਦੀ ਧਾਰਮਿਕ ਆਜ਼ਾਦੀ ਖ਼ਤਰੇ ਵਿੱਚ ਸੀ, ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਉਨ੍ਹਾਂ ਦੀ ਢਾਲ ਬਣ ਗਏ।
ਉਨ੍ਹਾਂ ਕਿਹਾ ਕਿ ਹੋਰਨਾਂ ਧਰਮਾਂ ਦੇ ਸਨਮਾਨ ਅਤੇ ਰਾਖੀ ਪ੍ਰਤੀ ਅਜਿਹੀ ਲਾਸਾਨੀ ਸ਼ਹਾਦਤ ਦੀ ਉਦਾਹਰਣ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ।
ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਬੈਂਸ ਨੇ ਖ਼ਾਲਸੇ ਦੀ ਜਨਮ ਭੂਮੀ ਪ੍ਰਤੀ ਆਪਣੀ ਡੂੰਘੀ ਅਤੇ ਇਤਿਹਾਸਕ ਭਾਵਨਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਇਹ ਪਵਿੱਤਰ ਮਿੱਟੀ, ਜਿਸਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਖੁਦ ਵਸਾਇਆ ਅਤੇ ਆਪਣੀ ਸਤਿਕਾਰਯੋਗ ਮਾਤਾ ਦੇ ਨਾਮ ‘ਤੇ ਇਸਨੂੰ ‘ਚੱਕ ਨਾਨਕੀ’ ਦਾ ਨਾਮ ਦਿੱਤਾ, ਇਹ ਉਹੀ ਧਰਤੀ ਹੈ ਜਿੱਥੋਂ ਗੁਰੂ ਸਾਹਿਬ ਦਿੱਲੀ ਲਈ ਆਪਣੀ ਅੰਤਿਮ ਯਾਤਰਾ ਉੱਤੇ ਰਵਾਨਾ ਹੋਏ ਸੀ। ਇਹ ਉਹ ਅਸਥਾਨ ਹੈ ਜਿੱਥੇ ਕਸ਼ਮੀਰੀ ਪੰਡਤ ਇਨਸਾਫ਼ ਦੀ ਅਪੀਲ ਲੈ ਕੇ ਗੁਰੂ ਸਾਹਿਬ ਦੀ ਸ਼ਰਨ ਵਿਚ ਆਏ ਸਨ।
ਉਨ੍ਹਾਂ ਇਸ ਧਰਤੀ ‘ਤੇ ਦਿਖਾਈ ਗਈ ਬੇਮਿਸਾਲ ਭਾਵਨਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸੇ ਧਰਤੀ ‘ਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ “ਸੀਸ” ਪੂਰੇ ਸਨਮਾਨ ਨਾਲ ਲੈ ਕੇ ਆਏ ਸਨ ਅਤੇ ਇੱਥੇ ਹੀ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ ਆਪਣੇ ਗਲੇ ਨਾਲ ਲਗਾ ਕੇ ਉਨ੍ਹਾਂ ਨੂੰ ‘ਰੰਗਰੇਟੇ ਗੁਰੂ ਕੇ ਬੇਟੇ’ ਕਹਿ ਕੇ ਸਨਮਾਨ ਦਿੱਤਾ ਸੀ।
ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦਾ ਵੇਰਵਾ ਦਿੰਦਿਆਂ ਬੈਂਸ ਨੇ ਕਿਹਾ ਕਿ ਇਹਨਾਂ ਸਮਾਗਮਾਂ ਨੂੰ ਪੂਰੇ ਮਾਣ ਸਨਮਾਨ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮਰਪਿਤ ਕਮੇਟੀ ਬਣਾਈ ਗਈ ਸੀ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹਨਾਂ ਸਮਾਗਮਾਂ ਦੀ ਲੜੀ ਕਰਵਾਈ ਗਈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਚਾਰ ਨਗਰ ਕੀਰਤਨ, ਸਰਬ ਧਰਮ ਸੰਮੇਲਨ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਵਿਦਿਅਕ ਪ੍ਰੋਗਰਾਮ ਸ਼ਾਮਲ ਹਨ।
ਹਰਜੋਤ ਸਿੰਘ ਬੈਂਸ ਨੇ ਸਾਰਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਫ਼ੰਡਾਂ ਦੀ ਪਰਵਾਹ ਕੀਤੇ ਬਿਨਾਂ ਪੂਰੀ ਸ਼ਰਧਾ ਅਤੇ ਸਨਮਾਨ ਨਾਲ ਆਪਣਾ ਫਰਜ਼ ਨਿਭਾ ਰਹੇ ਹਾਂ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਪ੍ਰਤੀ ਸੱਚੀ ਸ਼ਰਧਾਂਜਲੀ ਸੱਚ, ਨਿਆਂ ਅਤੇ ਧਾਰਮਿਕ ਆਜ਼ਾਦੀ ਲਈ ਉਨ੍ਹਾਂ ਦੇ ਸਦੀਵੀ ਸੰਦੇਸ਼ ਦਾ ਵੱਧ ਤੋਂ ਵੱਧ ਪ੍ਰਸਾਰ ਕਰਨਾ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਪ੍ਰੇਰਨਾ ਦਾ ਸਦੀਵੀ ਸਰੋਤ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਚਾਨਣ ਮੁਨਾਰਾ ਰਹੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ ਭਾਈਚਾਰਿਆਂ ਦੇ ਲੋਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਮੀਰ ਅਧਿਆਤਮਿਕ ਵਿਰਾਸਤ ਦਾ ਬਹੁਤ ਸਨਮਾਨ ਕਰਦੇ ਹਾਂ। ਉਨ੍ਹਾਂ ਨੇ ਹਰੇਕ ਵਿਅਕਤੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ।
Read More : ਦਿੱਲੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ
