Giani-Kuldeep-Singh-Gargajj

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰਜੋਤ ਸਿੰਘ ਤੇ ਜਸਵੰਤ ਸਿੰਘ ਤਲਬ

ਅੰਮ੍ਰਿਤਸਰ, 26 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਲਬ ਕੀਤਾ ਹੈ।

ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ।

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

Read More : ਬਾਰੂਦੀ ਸੁਰੰਗ ਧਮਾਕੇ ‘ਚ ਇਕ ਅਗਨੀਵੀਰ ਸ਼ਹੀਦ, 2 ਜ਼ਖ਼ਮੀ

Leave a Reply

Your email address will not be published. Required fields are marked *