ਦਿੜ੍ਹਬਾ, 21 ਨਵੰਬਰ : ਪੰਜਾਬ ਸਰਕਾਰ ਦੇ ਆਮ ਲੋਕਾਂ ਦੇ ਭਲਾਈ-ਕੇਂਦਰਤ ਵਿਕਾਸ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ-ਡਵੀਜ਼ਨਲ ਕੰਪਲੈਕਸ, ਦਿੜ੍ਹਬਾ ਵਿਖੇ ਆਵਾਸ ਯੋਜਨਾ ਤਹਿਤ ਹਲਕਾ ਦਿੜ੍ਹਬਾ ਦੇ 70 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ। ਇਸ ਯੋਜਨਾ ਅਧੀਨ ਪ੍ਰਤੀ ਪਰਿਵਾਰ 02.50 ਲੱਖ ਰੁਪਏ ਦੇ ਅਨੁਸਾਰ ਕੁੱਲ 01 ਕਰੋੜ 75 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਵਾਸ ਯੋਜਨਾ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਬਲਕਿ ਲੱਖਾਂ ਪਰਿਵਾਰਾਂ ਲਈ ਇੱਜ਼ਤਮੰਦ ਜੀਵਨ ਵੱਲ ਇੱਕ ਮਜ਼ਬੂਤ ਕਦਮ ਹੈ।
ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ।ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਜਨਾ ਅਧੀਨ ਹੋਰ ਬਾਕੀ ਰਹਿ ਗਏ ਹੱਕਦਾਰ ਪਰਿਵਾਰਾਂ ਦੀ ਪ੍ਰਕਿਰਿਆ ਵੀ ਤੁਰੰਤ ਪੂਰੀ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਹੈ, ਜਿਸ ਤਹਿਤ ਹਲਕਾ ਦਿੜ੍ਹਬਾ ਦੇ 07 ਪਿੰਡਾਂ ਨੂੰ 03 ਕਰੋੜ 50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ 23 ਨਵੰਬਰ ਤੋਂ ਲੈ ਕੇ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਦਿੜ੍ਹਬਾ ਵਿਖੇ ਕਰੀਬ 08 ਕਰੋੜ ਰੁਪਏ ਦੀ ਲਾਗਤ ਨਾਲ ਅਧਿਕਾਰੀਆਂ ਲਈ ਸਰਕਾਰੀ ਰਿਹਾਇਸ਼ੀ ਮਕਾਨ ਬਣਾਏ ਜਾ ਰਹੇ ਹਨ, ਜਿਸ ਨਾਲ ਸਬ ਡਵੀਜ਼ਨਲ ਵਿੱਚ ਸਰਕਾਰੀ ਕੰਮ ਕਾਜ ਸਬੰਧੀ ਕਾਰਜ ਕੁਸ਼ਲਤਾ ਵਿੱਚ ਵਾਧਾ ਹੋਵੇਗਾ।
ਇਸ ਮੌਕੇ ਕਈ ਜ਼ਿਲ੍ਹਾ ਅਤੇ ਸਥਾਨਕ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਹ ਭਰੋਸਾ ਦਿੱਤਾ ਕਿ ਸਰਕਾਰੀ ਸਕੀਮਾਂ ਦੀ ਕਾਮਯਾਬੀ ਲਈ ਸਮਰਪਿਤ ਤੌਰ ‘ਤੇ ਕੰਮ ਜਾਰੀ ਰੱਖਿਆ ਜਾਵੇਗਾ।
Read More : ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ : ਧਾਲੀਵਾਲ
