ਡੇਂਗੂ ਤੇ ਚਿਕਨਗੁਨੀਆ ਰੋਕਣ ਲਈ ਟੀਮਾਂ ਨਾਲ ਘਰਾਂ ’ਚ ਜਾ ਕੇ ਚੈੱਕ ਕੀਤਾ ਲਾਰਵਾ
ਗੁਰਦਾਸਪੁਰ, 20 ਜੂਨ :-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਦੌਰੇ ਦੌਰਾਨ ਡਾ. ਬਲਬੀਰ ਸਿੰਘ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ’ ਤਹਿਤ ਗੁਰਦਾਸਪੁਰ ਸ਼ਹਿਰ ਦੇ ਕੋਟਲੀ ਨੰਗਲ ਅਤੇ ਗੀਤਾ ਭਵਨ ਇਲਾਕੇ ’ਚ ਡੇਂਗੂ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ ਗਈ ਅਤੇ ਟੀਮਾਂ ਵੱਲੋਂ ਲੋਕਾਂ ਦੇ ਘਰਾਂ ’ਚ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕੀਤਾ ਗਿਆ। ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰ ਕੇ ਨਸ਼ਾ ਛੁਡਵਾਇਆ ਜਾਵੇਗਾਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲੇ ’ਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ’ਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ
ਇਸੇ ਦੌਰਾਨ ਸਿਹਤ ਮੰਤਰੀ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲੇ ਦੇ ਹਰ ਸ਼ਹਿਰ ਤੇ ਪਿੰਡ ’ਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕਰਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਜ਼ਿਲਾ ਗੁਰਦਾਸਪੁਰ ’ਚ 2 ਸਰਕਾਰੀ ਨਸ਼ਾ ਛੁਡਾਊ ਕੇਂਦਰ, ਇਕ ਪੁਨਰਵਾਸ ਕੇਂਦਰ ਅਤੇ ਇਕ ਸੈਮੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤਿੰਨ ਨਿੱਜੀ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ ਅਤੇ ਇਨ੍ਹਾਂ ਸਾਰੇ ਕੇਂਦਰਾਂ ’ਚ 120 ਬੈੱਡਾਂ ਦੀ ਸਹੂਲਤ ਉਪਲਬਧ ਹੈ।
ਜ਼ਿਲੇ ’ਚ 34 ਸਰਕਾਰੀ ਓਟ ਕੇਂਦਰ ਅਤੇ 3 ਨਿੱਜੀ ਓਟ ਕੇਂਦਰ ਵੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਲਾਵਾ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਬਲਬੀਰ ਸਿੰਘ ਪੰਨੂ, ਸਮਸ਼ੇਰ ਸਿੰਘ ਦੀਨਾਨਗਰ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਤੋਂ ਇਲਾਵਾ ਐੱਸ. ਐੱਸ. ਪੀ. ਬਟਾਲਾ ਸੋਹੇਲ ਕਾਸਿਮ ਮੀਰ, ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲਾ ਅਧਿਕਾਰੀਆਂ ਸਮੇਤ ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ ਲਲਿਤ ਮੋਹਨ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਜ਼ਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਤੇ ਐਂਟੀ ਲਾਰਵਾ ਵਿੰਗ ਦਾ ਸਾਰਾ ਸਟਾਫ਼ ਮੌਜੂਦ ਸੀ।
Read More : 35 ਕਰੋੜ ਦੀ ਆਈਸ ਡਰੱਗ ਸਮੇਤ ਪਾਕਿਸਤਾਨੀ ਡਰੋਨ ਬਰਾਮਦ