ਕਿਹਾ-ਸਰਕਾਰ ਹੁਣ ਬਕਾਏ ਦੇਣ ਤੋਂ ਭੱਜ ਨਹੀਂ ਸਕਦੀ
ਚੰਡੀਗੜ੍ਹ. 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਡੀ.ਏ. (DA) ਬਕਾਏ ਸਬੰਧੀ ਸੁਣਾਏ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਨੇ ਸਰਕਾਰ ਨੂੰ ਉਸ ਵੇਲੇ ਜਵਾਬਦੇਹ ਠਹਿਰਾਇਆ ਹੈ, ਜਦੋਂ ਉਹ ਮੁਲਾਜ਼ਮਾਂ ਦਾ ਲਗਭਗ 12 ਤੋਂ 15 ਹਜ਼ਾਰ ਕਰੋੜ ਰੁਪਏ ਦਾ ਜਾਇਜ਼ ਬਕਾਇਆ ਅਦਾ ਕਰਨ ਤੋਂ ਲਗਾਤਾਰ ਪੱਲਾ ਝਾੜ ਰਹੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਇਹ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਸੀ ਕਿ ਉਹ ਮਹਿੰਗਾਈ ਭੱਤਾ ਦੇਣ ਲਈ ਪਾਬੰਦ ਨਹੀਂ ਹੈ, ਪਰ ਅਦਾਲਤੀ ਫ਼ੈਸਲੇ ਨੇ ਸਰਕਾਰ ਦੇ ਇਨ੍ਹਾਂ ਦਾਵਿਆਂ ਦੀ ਹਵਾ ਕੱਢ ਦਿੱਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੋਵਾਂ ਨੇ ਹੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਨਾ ਸਿਰਫ਼ ਭਰਤੀਆਂ ਘਟਾ ਰਹੀਆਂ ਹਨ, ਸਗੋਂ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ‘ਤੇ ਵੀ ਸਵਾਲ ਚੁੱਕ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਮੇਸ਼ਾ ਮੁਲਾਜ਼ਮਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਗਿਆ। ਨਾ ਸਿਰਫ਼ ਸਮੇਂ ਸਿਰ ਤਨਖ਼ਾਹ ਕਮਿਸ਼ਨ ਨਿਯੁਕਤ ਕੀਤੇ ਗਏ, ਸਗੋਂ ਮਹਿੰਗਾਈ ਭੱਤੇ ਦੀ ਅਦਾਇਗੀ ਵੀ ਬਿਨਾਂ ਕਿਸੇ ਦੇਰੀ ਦੇ ਤੁਰੰਤ ਕੀਤੀ ਜਾਂਦੀ ਰਹੀ ਹੈ।
Read More : ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
