ਮਾਨਸਾ, 8 ਫਰਵਰੀ: ਮਾਨਸਾ ਸ਼ਹਿਰ ਦੇ ਤਿੰਨਕੋਨੀ ਚੌਕ ਵਿਖੇ ਡੀ.ਸੀ. ਰਿਹਾਇਸ਼ ਦੇ ਬਾਹਰ ਦੇਰ ਸ਼ਾਮ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਟੀ-2 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਰਸਾ ਵੱਲੋਂ ਆ ਰਹੀ ਸੀ ਤੇਜ਼ ਰਫ਼ਤਾਰ ਕਾਰ ਜਾਣਕਾਰੀ ਅਨੁਸਾਰ ਦੇਰ ਸ਼ਾਮ ਤਿੰਨਕੋਨੀ ਚੌਕ ਨੇੜੇ ਰਾਸ਼ਟਰੀ ਰਾਜਮਾਰਗ ’ਤੇ ਸਿਰਸਾ ਵਾਲੀ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਮੋਟਰਸਾਈਕਲ ਤੋਂ ਉਛਲ ਕੇ ਸੜਕ ’ਤੇ ਜਾ ਡਿੱਗੇ ਅਤੇ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਦਾ ਬੁਝਿਆ ਚਿਰਾਗ ਮ੍ਰਿਤਕ ਭਰਾਵਾਂ ਦੀ ਪਛਾਣ ਹਰਦੀਪ ਸਿੰਘ (30) ਅਤੇ ਗੁਰਦੀਪ ਸਿੰਘ (34) ਵਜੋਂ ਹੋਈ ਹੈ। ਇਹ ਦੋਵੇਂ ਸ਼ਹਿਰ ਦੇ ਵਾਰਡ ਨੰਬਰ 1 ਦੇ ਵਸਨੀਕ ਸਨ। ਮ੍ਰਿਤਕਾਂ ਦੇ ਪਿਤਾ ਬਲਵਿੰਦਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਹੁਣ ਦੋਵਾਂ ਨੌਜਵਾਨ ਪੁੱਤਰਾਂ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੁਲਸ ਨੇ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Read More : ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲਾ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ
