Harpal Cheema

ਵਪਾਰਕ ਗੈਸ ਦੀਆਂ ਕੀਮਤਾਂ ‘ਚ ਭਾਰੀ ਵਾਧਾ ਰੁਜ਼ਗਾਰ ਲਈ ਖ਼ਤਰਾ: ਹਰਪਾਲ ਚੀਮਾ

ਵਿਧਾਨ ਸਭਾ ਸੈਸ਼ਨ ‘ਚ ਕੇਂਦਰ ਦੀਆਂ ਨੀਤੀਆਂ ਅਤੇ ਕਿਰਤ ਕਾਨੂੰਨਾਂ ਵਿੱਚ ਸੋਧਾਂ ‘ਤੇ ਉੱਠੇ ਸਵਾਲ

ਚੰਡੀਗੜ੍ਹ, 01 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਈ ਦਿਵਸ ਦੇ ਮੌਕੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੈਸ਼ਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਚਾਰ ਸੂਬਿਆਂ ਦੀਆਂ ਚੋਣਾਂ ਖ਼ਤਮ ਹੁੰਦਿਆਂ ਹੀ ਭਾਜਪਾ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ।

ਉਨ੍ਹਾਂ ਦੱਸਿਆ ਕਿ 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 994 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਛੋਟੇ ਕਾਰੋਬਾਰੀਆਂ ਅਤੇ ਆਮ ਲੋਕਾਂ ‘ਤੇ ਪਵੇਗਾ ਅਤੇ ਕਈਆਂ ਦਾ ਰੁਜ਼ਗਾਰ ਖ਼ਤਰੇ ਵਿੱਚ ਪੈ ਜਾਵੇਗਾ।

ਵਿੱਤ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਵਰਗੇ ਇਤਿਹਾਸਕ ਦਿਨ ‘ਤੇ ਗਰੀਬ ਜਨਤਾ ‘ਤੇ ਵਾਧੂ ਆਰਥਿਕ ਬੋਝ ਪਾਉਣਾ ਬਹੁਤ ਹੀ ਸ਼ਰਮਨਾਕ ਕਾਰਾ ਹੈ।

ਹਰਪਾਲ ਸਿੰਘ ਚੀਮਾ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਅੱਜ ਦੇ ਇਤਿਹਾਸਕ ਦਿਨ ‘ਤੇ ਕਾਂਗਰਸ ਨੇ ਵਾਕਆਊਟ ਕਰਕੇ ਆਪਣੀ ‘ਸੰਵਿਧਾਨ ਵਿਰੋਧੀ’ ਸੋਚ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਲਈ ਲੋਕ ਮੁੱਦਿਆਂ ਤੋਂ ਭੱਜ ਰਹੀਆਂ ਹਨ।

ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਸੋਧਾਂ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੋਧਾਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਵਧੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਿਰਤ ਵਿਭਾਗ ਕੋਲ ਅੱਠ ਘੰਟੇ ਦਾ ਕੰਮ ਕਰਨ ਦਾ ਸਮਾਂ ਸੀ, ਪਰ ਹੁਣ ਇਸਨੂੰ 12 ਘੰਟੇ ਤੱਕ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਮਜ਼ਦੂਰਾਂ ਨੂੰ ਠੇਕੇਦਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਹਿਲਾਂ ਕਿਰਤ ਵਿਭਾਗ ਕੋਲ ਇੱਕ ਪੂਰਾ ਪ੍ਰਸ਼ਾਸਕੀ ਢਾਂਚਾ ਸੀ, ਪਰ ਨਵੇਂ ਕਿਰਤ ਕਾਨੂੰਨ ਨੇ ਇਸਨੂੰ ਕਮਜ਼ੋਰ ਕਰ ਦਿੱਤਾ ਹੈ। ਹੁਣ, ਕਿਰਤ ਇੰਸਪੈਕਟਰਾਂ ਕੋਲ ਕਾਰਵਾਈ ਕਰਨ ਦੀ ਬਜਾਏ ਸਿਰਫ਼ ਸਲਾਹ ਦੇਣ ਦੀ ਸ਼ਕਤੀ ਹੈ।

Read More : ਪੰਜਾਬ ਵਿਧਾਨ ਸਭਾ ‘ਚ ਸੁਖਪਾਲ ਖਹਿਰਾ ਦੇ ਬੈਠਣ ਦੇ ਅੰਦਾਜ਼ ਨੂੰ ਲੈ ਕੇ ਹੰਗਾਮਾ

Leave a Reply

Your email address will not be published. Required fields are marked *