‘ਆਪ’ ਨੇ 2027 ਦੀਆਂ ਚੋਣਾਂ ਲਈ ਤਲਵੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ
ਮਜੀਠਾ, 18 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ’ਚ ਖੌਫ਼ ਦਾ ਦੌਰ, ‘ਪਰਚੀ ਦਾ ਦੌਰ’ (ਜਬਰੀ ਵਸੂਲੀ) ਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖ਼ਤਮ ਹੋ ਗਿਆ ਹੈ। ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ ’ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ।
ਇਸ ਦੌਰਾਨ ਮਜੀਠਾ ਤੋਂ ਇਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮਜੀਠਾ ਤੋਂ ‘ਆਪ’ ਆਗੂ ਤਲਬੀਰ ਸਿੰਘ ਗਿੱਲ ਆਪ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਮਜੀਠਾ ਦੇ ਲੋਕ ਮੰਗ ਪੱਤਰ ਸੌਂਪਣ ਤੋਂ ਅੱਗੇ ਵਧ ਕੇ ਖੁਦ ਫੈਸਲੇ ਲੈਣੇ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ਉਹ ਮਜੀਠਾ ’ਚ ਇਕ ਅਜਿਹਾ ਪ੍ਰਤੀਨਿਧੀ ਭੇਜਣਗੇ ਜੋ ਫੈਸਲਾ ਲੈਣ, ਵਿਕਾਸ ਅਤੇ ਜਵਾਬਦੇਹੀ ’ਚ ਵਿਸ਼ਵਾਸ ਰੱਖਦਾ ਹੈ, ਡਰਾਉਣ-ਧਮਕਾਉਣ ਅਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨ ’ਚ ਨਹੀਂ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ’ਚ ਵਾਪਸੀ ਦਾ ਭਾਵ ਬੇਅਦਬੀਆਂ ਤੇ ਨਿਰਦੋਸ਼ ਲੋਕਾਂ ’ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ ਦਾ ਪੱਖ ਪੂਰਨਾ ਚਾਹੀਦਾ ਹੈ। ਮੁਫ਼ਤ ਬਿਜਲੀ, ਸੜਕਾਂ ਦਾ ਨਵੀਨੀਕਰਨ ਅਤੇ ਲੋਕ ਪੱਖੀ ਪ੍ਰਸ਼ਾਸਨ ਨੇ ਸੌੜੀ ਰਾਜਨੀਤੀ ਦੀ ਥਾਂ ਲੈ ਲਈ ਹੈ, ਜਿਸ ਨਾਲ ਮਜੀਠੀਆ ’ਚ 11.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਵਿਕਾਸ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ।
ਮਜੀਠਾ ’ਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ, ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖੁਦ ਨੂੰ ‘ਜਰਨੈਲ’ ਦੱਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁੱਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਤੇ ਲੋਕ ਸਰਕਾਰ ਖ਼ਿਲਾਫ਼ ਬੋਲਣ ਤੋਂ ਡਰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮਜੀਠੀਆ ਤੇ ਬਾਦਲ ਪਰਿਵਾਰਾਂ ਵੱਲੋਂ ਚਲਾਈ ਜਾ ਰਹੀ ਡਰਾਉਣ-ਧਮਕਾਉਣ ਵਾਲੀ ਰਾਜਨੀਤੀ ਨੂੰ ਦਰਕਿਨਾਰ ਕਰਕੇ ਇਕ ਨਵਾਂ ਰਾਹ ਚੁਣਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮਾੜੇ ਕੰਮਾਂ ਕਾਰਨ ਹੀ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕਰਨ ਲਈ ਮਜਬੂਰ ਹੋਣਾ ਪਿਆ। ਸਾਡਾ ਇੱਕੋ ਇਕ ਉਦੇਸ਼ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣਾ ਹੈ। ਸਾਡਾ ਧਾਰਮਿਕ ਸੰਸਥਾਵਾਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ’ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਐੱਸ.ਜੀ.ਪੀ.ਸੀ. ਮੁਖੀ ਸਿਆਸੀ ਰੈਲੀਆਂ ਦੇ ਪ੍ਰਬੰਧ ਕਰਨ ’ਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਕਹਿਣ ਦੀ ਬਜਾਏ ਉਹ ਮਾਣ ਨਾਲ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਹਿੰਦੇ ਹਨ। ਅਜਿਹੇ ਵਿਅਕਤੀ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਕਿਸੇ ਅਜਿਹੇ ਵਿਅਕਤੀ ਦੀ ਸੇਵਾ ਕਰਨ ’ਤੇ ਮਾਣ ਕਰਦਾ ਹੈ ਜਿਸ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੋਵੇ।
ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਤੋਂ ਉੱਪਰ ਹਨ। ਇਸੇ ਲਈ ਮੈਂ ਭਾਰਤ ਦੇ ਰਾਸ਼ਟਰਪਤੀ ਦੇ ਸਮਾਗਮ ’ਚ ਸ਼ਾਮਲ ਹੋਣ ਦੀ ਬਜਾਏ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉਲਟ, ਅਕਾਲੀਆਂ ਨੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਨੂੰ ਆਪਣੀ ਮਰਜ਼ੀ ਨਾਲ ਨਿਯੁਕਤ ਕੀਤਾ ਅਤੇ ਅਹੁਦੇ ਤੋਂ ਹਟਾਇਆ ਗਿਆ, ਜਿਸ ਨਾਲ ਇਨ੍ਹਾਂ ਸੰਸਥਾਵਾਂ ਦੀ ਪਵਿੱਤਰਤਾ ਨੂੰ ਭਾਰੀ ਸੱਟ ਵੱਜੀ ਹੈ।”ਉਨ੍ਹਾਂ ਨੇ ਇਹ ਵੀ ਟਿੱਪਣੀ ਕੀਤੀ ਕਿ ਕਾਂਗਰਸੀ ਆਗੂ ਲਗਾਤਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਸਿਆਸੀ ਸੰਤੁਲਨ ਗੁਆ ਚੁੱਕੇ ਹਨ।
ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਆਗੂ ਗਰੀਬ ਵਿਅਕਤੀ ਦੇ ਘਰ ਇਕ ਰਾਤ ਰਹਿਣਾ ਇਕ ਨਵੀਂ ਗੱਲ ਸਮਝਦੇ ਹਨ। ਮੈਂ ਖੁਦ ਇਕ ਆਮ ਆਦਮੀ ਹਾਂ ਤੇ ਮੈਂ ਆਮ ਲੋਕਾਂ ਦੇ ਰੋਜ਼ਾਨਾ ਦੇ ਸੰਘਰਸ਼ਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਾਲ ਹੀ ’ਚ ਹੋਏ ਸਮਾਗਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਸੂਬੇ ਦੇ ਅਮੀਰ ਵਿਰਸੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮਜੀਠਾ ਹਲਕੇ ’ਚ 11.32 ਕਰੋੜ ਰੁਪਏ ਦੀ ਲਾਗਤ ਨਾਲ 23 ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਕਈ ਪਿੰਡਾਂ ’ਚ ਲਿੰਕ ਸੜਕਾਂ ਦੇ ਨਵੀਨੀਕਰਨ ਲਈ 11.32 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਵਿੱਚੋਂ ਅਗਲੇ ਪੰਜ ਸਾਲਾਂ ਦੌਰਾਨ 9.94 ਕਰੋੜ ਰੁਪਏ ਸੜਕਾਂ ਦੇ ਨਵੀਨੀਕਰਨ ’ਤੇ ਤੇ 1.38 ਕਰੋੜ ਰੁਪਏ ਉਨ੍ਹਾਂ ਦੀ ਸਾਂਭ-ਸੰਭਾਲ ’ਤੇ ਖਰਚ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਸਬੰਧੀ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ। ਪੰਜਾਬ ’ਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ। ਇਨ੍ਹਾਂ ਦੀ ਮੁਰੰਮਤ ਦੇ ਨਾਲ-ਨਾਲ ਅਸੀਂ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇਕ ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ ਤੇ ਪ੍ਰਵਾਨਗੀਆਂ ਦੇਣ ਤੋਂ ਪਹਿਲਾਂ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਸਰਵੇਖਣ ਕੀਤਾ ਗਿਆ ਸੀ ਜਿਸ ਨਾਲ 226.89 ਕਰੋੜ ਰੁਪਏ ਦੀ ਬੱਚਤ ਹੋਈ।
ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ, ਸੀਨੀਅਰ ‘ਆਪ’ ਆਗੂ ਤਲਬੀਰ ਸਿੰਘ ਗਿੱਲ ਅਤੇ ਹੋਰ ਆਗੂ ਮੌਜੂਦ ਸਨ।
Read More : ਹਾਈਵੇ ’ਤੇ 5 ਵਾਹਨ ਟਕਰਾਏ, 3 ਨੂੰ ਲੱਗੀ ਅੱਗ, 2 ਵਿਅਕਤੀ ਜ਼ਿੰਦਾ ਸੜੇ
