ਚੰਡੀਗੜ੍ਹ 5 ਅਕਤੂਬਰ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਵਜੋਂ ਸ਼ੁਰੂ ਕੀਤਾ ਗਿਆ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰਡੀਟੀਸੀ) ਮਲੇਰਕੋਟਲਾ ਹੁਣ ਸੂਬੇ ਦੇ ਡਰਾਈਵਿੰਗ ਖੇਤਰ ਵਿਚ ਕ੍ਰਾਂਤੀ ਲਿਆ ਰਿਹਾ ਹੈ। ਇਹ ਸੁਰੱਖਿਆ ਪ੍ਰਤੀ ਜਾਗਰੂਕ ਅਤੇ ਹੁਨਰਮੰਦ ਡਰਾਈਵਰਾਂ ਦੀ ਇਕ ਨਵੀਂ ਪੀੜ੍ਹੀ ਤਿਆਰ ਕਰ ਰਿਹਾ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਲੇਰਕੋਟਲਾ ਵਿਚ ਸਥਾਪਿਤ ਇਹ ਕੇਂਦਰ ਨਾ ਸਿਰਫ਼ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਵਧਾਉਣ ਵਿਚ ਮਦਦ ਕਰ ਰਿਹਾ ਹੈ, ਬਲਕਿ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿਚ ਇੱਥੇ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ, ਜੋ ਕਿ ਆਪਣੇ ਆਪ ਵਿਚ ਇਕ ਮਹੱਤਵਪੂਰਨ ਪ੍ਰਾਪਤੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਜੂਨ 2023 ਵਿਚ ਪੰਜਾਬ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਦੇ ਸਾਂਝੇ ਯਤਨ ਵਜੋਂ ਸ਼ੁਰੂ ਕੀਤਾ ਗਿਆ ਸੀ ਅਤੇ ਉਦੋਂ ਤੋਂ ਲਗਾਤਾਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ੇਸ਼ ਡਰਾਈਵਿੰਗ ਸਿਖਲਾਈ ਪ੍ਰਦਾਨ ਕਰ ਕੇ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕਰਦਾ ਹੈ।
ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਰੁਜ਼ਗਾਰ ਦੇ ਮੌਕੇ ਵਧਾਉਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਜਨਾਬੱਧ ਅਤੇ ਪੇਸ਼ੇਵਰ ਸਿਖਲਾਈ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਵਧਾਉਂਦੀ ਹੈ ਅਤੇ ਸੜਕ ਹਾਦਸਿਆਂ ਨੂੰ ਘਟਾਉਂਦੀ ਹੈ। ਇਸ ਤੋਂ ਇਲਾਵਾ, ਸਿਖਲਾਈ ਪ੍ਰਾਪਤ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵਧੇਰੇ ਜ਼ਿੰਮੇਵਾਰ ਹੁੰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਵਿੱਚ ਇਹ ਸਿਖਲਾਈ ਕੇਂਦਰ ਸਿਰਫ਼ ਡਰਾਈਵਿੰਗ ਹੁਨਰ ਤੱਕ ਸੀਮਿਤ ਨਹੀਂ ਹੈ; ਇਹ ਡਰਾਈਵਰਾਂ ਦੇ ਸਮਾਜਿਕ ਰੁਤਬੇ ਨੂੰ ਉੱਚਾ ਚੁੱਕਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਟ੍ਰੈਫਿਕ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
Read More : ਭਾਰੀ ਮੀਂਹ ਦੀ ਚਿਤਾਵਨੀ : ਭਾਖੜਾ ਡੈਮ ਦੇ ਫਲੱਡ 2-2 ਫੁੱਟ ਤੱਕ ਖੋਲ੍ਹੇ