Jalandhar Doctor house

ਜਲੰਧਰ ‘ਚ ਡਾਕਟਰ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ

ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਚਲਾਈਆਂ 10 ਗੋਲੀਆਂ; ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ

ਜਲੰਧਰ, 28 ਫਰਵਰੀ : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਮੁਲਜ਼ਮਾਂ ਨੇ ਇੱਕ ਸਥਾਨਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਪੁਲਿਸ ਅਨੁਸਾਰ ਹਮਲਾਵਰਾਂ ਵੱਲੋਂ ਕਰੀਬ 10 ਰਾਊਂਡ ਫਾਇਰ ਕੀਤੇ ਗਏ ਹਨ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ ਹੈ।

ਇਹ ਵਾਰਦਾਤ ਰਾਤ ਕਰੀਬ 1:30 ਵਜੇ ਵਾਪਰੀ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿਚ ਹੜਕੰਪ ਮਚ ਗਿਆ। ਪੀੜਤ ਡਾਕਟਰ ਨੇ ਤੁਰੰਤ ਆਪਣੇ ਗੁਆਂਢ ਵਿੱਚ ਰਹਿੰਦੇ ਕੌਂਸਲਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਗੋਲੀਆਂ ਦੇ ਨਿਸ਼ਾਨਾਂ ਨੂੰ ਨਿਸ਼ਾਨਬੱਧ ਕਰਕੇ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ।

ਪੀੜਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਕਦੇ ਵੀ ਕੋਈ ਧਮਕੀ ਭਰਿਆ ਫੋਨ ਜਾਂ ਫਿਰੌਤੀ ਦੀ ਮੰਗ ਨਹੀਂ ਮਿਲੀ ਸੀ। ਇਲਾਕੇ ਦੇ ਕੌਂਸਲਰ ਅਨੁਸਾਰ ਵੀ ਡਾਕਟਰ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਸੀ, ਜਿਸ ਕਾਰਨ ਪੁਲਿਸ ਇਸ ਘਟਨਾ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਮੌਕੇ ‘ਤੇ ਪਹੁੰਚੇ ਏਸੀਪੀ ਜਯੰਤ ਪੁਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਤਕਨੀਕੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਥਾਣਾ ਨੰਬਰ 8 ਦੀ ਪੁਲਿਸ ਨੇ ਡਾਕਟਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਜਲੰਧਰ ਦੇ ਪੁਲਿਸ ਕਮਿਸ਼ਨਰ (CP) ਖ਼ੁਦ ਇਸ ਸੰਵੇਦਨਸ਼ੀਲ ਮਾਮਲੇ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ।

Read More : ਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ : 1 ਮਾਰਚ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

Leave a Reply

Your email address will not be published. Required fields are marked *