ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ
ਚੰਡੀਗੜ੍ਹ, 16 ਜੂਨ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ’ਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ’ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Read More : ਮਸ਼ਹੂਰ ਮਾਡਲ ਸਿੰਮੀ ਚੌਧਰੀ ਦਾ ਕਤਲ