Bhagwant Mann

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂ

ਕਿਹਾ-ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ

ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।

ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।

ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ।

ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।

ਹੜ੍ਹਾਂ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਿਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Read More : 2 ਧੀਆਂ ਸਮੇਤ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Leave a Reply

Your email address will not be published. Required fields are marked *