ਚੰਡੀਗੜ੍ਹ,ਗੁਹਾਟੀ, 22 ਅਕਤੂਬਰ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ’ਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ ਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ’ਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ।
ਸੱਦਾ ਸਵੀਕਾਰ ਕਰਦਿਆਂ ਉਨ੍ਹਾਂ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਸਬੰਧੀ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ’ਚ ਇਕ ਵਿਸ਼ੇਸ਼ ਸਥਾਨ ਰੱਖਦੇ ਹਨ।
Read More : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੁਰੱਖਿਆ ’ਚ ਲਾਪਰਵਾਹੀ