ਗ੍ਰੀਨ ਮਾਡਲ ਟਾਊਨ ਦੇ ਰਹਿਣ ਵਾਲੇ ਮੁਲਜ਼ਮ ਸਿਮਰਨਜੀਤ ਸਿੰਘ ‘ਤੇ ਪਹਿਲਾਂ ਵੀ ਦਰਜ ਹਨ ਕਈ ਮਾਮਲੇ
ਜਲੰਧਰ, 7 ਅਪ੍ਰੈਲ : ਜਲੰਧਰ ਪੁਲਿਸ ਨੇ ਬੈਂਕ ਐਨਕਲੇਵ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਦਿਨ-ਦਿਹਾੜੇ ਹੋਈ ਡਕੈਤੀ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲੁੱਟੀ ਗਈ ਨਕਦੀ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਬਰਾਮਦ ਕੀਤੇ ਹਨ। ਫੜਿਆ ਗਿਆ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਜਲੰਧਰ ਦੇ ਪਾਸ਼ ਇਲਾਕੇ ਗ੍ਰੀਨ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਅਤੇ ਇੱਕ ਸੇਵਾਮੁਕਤ ਡੀ.ਐਸ.ਪੀ. (DSP) ਦਾ ਪੁੱਤਰ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਡੀ.ਸੀ.ਪੀ. ਮਨਪ੍ਰੀਤ ਢਿੱਲੋਂ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਤਕਨੀਕੀ ਜਾਣਕਾਰੀ ਅਤੇ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਸਿਮਰਨਜੀਤ ਸਿੰਘ ਨੂੰ ਕਾਬੂ ਕਰ ਲਿਆ। ਪੁਲਿਸ ਮੁਤਾਬਕ ਸਿਮਰਨਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਸ ਦੇ ਖਿਲਾਫ ਬਟਾਲਾ ਤੇ ਮੋਹਾਲੀ ਵਿੱਚ ਪਹਿਲਾਂ ਹੀ ਦੋ ਮੁਕੱਦਮੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਉਸ ਦੇ ਦੂਜੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਲਦੀ ਹੀ ਦੂਜਾ ਮੁਲਜ਼ਮ ਵੀ ਹਿਰਾਸਤ ਵਿੱਚ ਹੋਵੇਗਾ।
Read More : ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਪਰਤੇ ਦਿੱਗਜ ਨੇਤਾ
