Giani-Kuldeep-Singh-Gargajj

328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਅਕਾਲ ਤਖ਼ਤ ਵੱਲੋਂ ਜ਼ਰੂਰੀ ਆਦੇਸ਼ ਜਾਰੀ

ਜਾਂਚ ਮੁਕੰਮਲ ਹੋਣ ਤੱਕ ਬਿਆਨਬਾਜ਼ੀ ਅਤੇ ਮੀਡੀਆ ਟ੍ਰਾਇਲ ’ਤੇ ਲਗਾਈ ਰੋਕ

ਅੰਮ੍ਰਿਤਸਰ, 2 ਫ਼ਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜ਼ਰੂਰੀ ਆਦੇਸ਼ ਜਾਰੀ ਕਰਦਿਆਂ ਸਮੂਹ ਧਿਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਇਸ ਸੰਵੇਦਨਸ਼ੀਲ ਮਾਮਲੇ ’ਚ ਕਿਸੇ ਵੀ ਧਿਰ ਵੱਲੋਂ ਸਿਆਸਤ ਜਾਂ ਦੂਸ਼ਣਬਾਜ਼ੀ ਕਰਨਾ ਵਾਜਬ ਨਹੀਂ ਹੈ।

ਉਨ੍ਹਾਂ ਅਫ਼ਸੋਸ ਜਤਾਇਆ ਕਿ ਪਹਿਲਾਂ ਕੀਤੀਆਂ ਹਦਾਇਤਾਂ ਦੇ ਬਾਵਜੂਦ ਕੁਝ ਧਿਰਾਂ ਵੱਲੋਂ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਮੀਡੀਆ ਟ੍ਰਾਇਲ ਚਲਾਇਆ ਜਾ ਰਿਹਾ ਹੈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ, ਸਬੰਧਤ ਧਿਰਾਂ ਜਾਂ ਉਨ੍ਹਾਂ ਦੇ ਵਕੀਲਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਜਾਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸੰਗਤ ਵਿੱਚ ਦੁਵਿਧਾ ਪੈਦਾ ਕਰਦੀਆਂ ਹਨ।

ਜਥੇਦਾਰ ਗੜਗੱਜ ਨੇ ਇਹ ਵੀ ਨੋਟਿਸ ਲਿਆ ਕਿ ਜਾਂਚ ਦੀ ਜਾਣਕਾਰੀ ਲੀਕ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਤੱਥਾਂ ਰਹਿਤ ਜਾਣਕਾਰੀ ਜਨਤਕ ਕਰਨ ’ਚ ਕਾਹਲੀ ਕੀਤੀ ਗਈ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਪੈਦਾ ਹੋਇਆ ਹੈ। ਉਨ੍ਹਾਂ ਸਮੂਹ ਧਿਰਾਂ ਨੂੰ ਜਾਂਚ ਮੁਕੰਮਲ ਹੋਣ ਤੱਕ ਸੰਜਮ ਅਤੇ ਮਰਿਆਦਾ ਬਣਾਈ ਰੱਖਣ ਦਾ ਆਦੇਸ਼ ਦਿੱਤਾ।

Read More : ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ : ਪਰਗਟ ਸਿੰਘ

Leave a Reply

Your email address will not be published. Required fields are marked *