ਪੰਥਕ ਅਤੇ ਗੁਰਮਤਿ ਵਿਚਾਰਾਂ ਕੀਤੀਆਂ
ਪਟਿਆਲਾ, 3 ਜੂਨ :- ਅੱਜ ਕੇਂਦਰੀ ਜੇਲ ਪਟਿਆਲਾ ’ਚ ਨਜ਼ਰਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁਲਾਕਾਤ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਨੇ ਭਾਈ ਰਾਜੋਆਣਾ ਨਾਲ ਪੰਥਕ ਤੇ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਭਾਈ ਸਾਹਿਬ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਕਰਨ ਉਪਰੰਤ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਦੇਗ ਛਕਾਈ।
ਇਸ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਦੇ ਵਿਤਕਰੇ ਭਰੇ ਰਵੱਈਏ ਖ਼ਿਲਾਫ਼ ਸਮੁੱਚਾ ਪੰਥ ਇਕਜੁੱਟਤਾ ਨਾਲ ਜਵਾਬ ਦੇਵੇ।
ਉਨ੍ਹਾਂ ਕਿਹਾ ਕਿ ਜੇਲਾਂ ’ਚ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੀ ਰਿਹਾਅ ਨਾ ਕਰਨਾ ਸਪੱਸ਼ਟ ਕਰਦਾ ਹੈ ਕਿ ਸਰਕਾਰ ਸਿੱਖਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਰੱਖਦੀ ਹੈ।
ਇਕ ਸਵਾਲ ਦੇ ਜਵਾਬ ’ਚ ਜਥੇਦਾਰ ਗੜਗੱਜ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਸ਼ਹੀਦੀ ਦਿਹਾੜੇ ਮੌਕੇ ਜਿੱਥੇ ਸ਼ਹੀਦਾਂ ਨੂੰ ਸਤਿਕਾਰ ਤੇ ਸਿਜਦਾ ਕਰਨ ਦੌਰਾਨ ਕੌਮੀ ਏਕਤਾ ਦਿਖਾਈ ਜਾਵੇ, ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਦਬ ਅਤੇ ਸਤਿਕਾਰ ਪ੍ਰਤੀ ਵੀ ਫਰਜ਼ਾਂ ਦੀ ਪਹਿਰੇਦਾਰੀ ਕਰਨ ਲਈ ਸਾਰੇ ਹੀ ਵਚਨਬੱਧ ਰਹਿਣ।
ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਜਸਮੇਰ ਸਿੰਘ ਲਾਛੜੂ ਵੀ ਨਾਲ ਸਨ।
ਜਥੇਦਾਰ ਗੜਗੱਜ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਦੀ 41ਵੀਂ ਵਰ੍ਹੇਗੰਢ ਮਨਾਈ ਜਾਵੇਗੀ ਅਤੇ ਇਸ ਦੌਰਾਨ ਜਿੱਥੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾਣਾ ਹੈ, ਉੱਥੇ ਹੀ ਹਰ ਸਿੱਖ ਦਾ ਫਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦਬ ਅਤੇ ਸਤਿਕਾਰ ਪ੍ਰਤੀ ਆਪਣੇ ਫ਼ਰਜ਼ਾਂ ਦੀ ਪਹਿਰੇਦਾਰੀ ਕਰੇ।
Read More : ਨਾਬਾਲਿਗ ਨਸ਼ਾ ਸਮੱਗਲਰਾਂ ਨੇ ਕੀਤੀ ਪੁਲਸ ’ਤੇ ਫਾਇਰਿੰਗ