Tarunpreet Singh Saund

ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਸੌਂਦ ਵੱਲੋਂ ਕਾਮਿਆਂ ਨੂੰ ਵਧਾਈ; ਭਲਾਈ ਸਕੀਮਾਂ ਦਾ ਲਾਭ ਲੈਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਇਤਿਹਾਸਕ ਪਹਿਲ

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ‘ਤੇ ਸੂਬੇ ਦੇ ਸਮੂਹ ਮਜ਼ਦੂਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਇੱਕ ਇਤਿਹਾਸਕ ਅਤੇ ਮਜ਼ਦੂਰ-ਪੱਖੀ ਕਦਮ ਹੈ।

ਮੰਤਰੀ ਸੌਂਦ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਅਹਿਮ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਵਿੱਚ ਬੱਚਿਆਂ ਲਈ ਵਜ਼ੀਫ਼ਾ, ਸ਼ਗਨ ਸਕੀਮ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1,70,958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਅਤੇ ਉਦਯੋਗਿਕ ਕਾਮਿਆਂ ਨੂੰ 51.49 ਕਰੋੜ ਰੁਪਏ ਦੇ ਲਾਭ ਵੰਡੇ ਜਾ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੋ ਉਸਾਰੀ ਕਾਮੇ ਸਾਲ ਵਿੱਚ 90 ਦਿਨ ਕੰਮ ਕਰਦੇ ਹਨ, ਉਹ ਸੇਵਾ ਕੇਂਦਰਾਂ ਜਾਂ “ਪੰਜਾਬ ਕਿਰਤੀ ਸਹਾਇਕ” ਮੋਬਾਈਲ ਐਪ ਰਾਹੀਂ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।

ਮੰਤਰੀ ਨੇ ਰੇਹੜੀ-ਫੜ੍ਹੀ ਵਾਲੇ, ਘਰੇਲੂ ਕਾਮੇ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜਿਕ ਸੁਰੱਖਿਆ ਦੇ ਲਾਭ ਲੈਣ ਲਈ ਈ-ਸ਼੍ਰਮ ਪੋਰਟਲ ‘ਤੇ ਰਜਿਸਟਰ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More : ਹਰਭਜਨ ਸਿੰਘ ਦੀ ਸੁਰੱਖਿਆ ਮਾਮਲੇ ‘ਚ ਹਾਈ ਕੋਰਟ ਸਖ਼ਤ; ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Leave a Reply

Your email address will not be published. Required fields are marked *