ਚੰਡੀਗੜ੍ਹ 9 ਨਵੰਬਰ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਇੱਕ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਆਈ.ਟੀ.ਆਈ. ਬਟਾਲਾ ਵਿਖੇ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋਏ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ।
ਇਸੇ ਤਰ੍ਹਾਂ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿੱਚ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਹਿੱਸਾ ਲਿਆ।
ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3D ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਧਰਮ ਦੀ ਰੱਖਿਆ ਲਈ ਪੂਰੇ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਨੂੰ ਦਰਸਾਇਆ ਗਿਆ।
ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਯਤਨ ਮੌਜੂਦਾ ਪੀੜ੍ਹੀ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਵਿੱਚ ਹੋਏ ਸ਼ੋਅ ਵੀ ਬਹੁਤ ਸਫਲ ਰਹੇ ਸਨ।
Read More : ਪੰਜਾਬ ਨੂੰ ‘ਵੰਦੇ ਭਾਰਤ’ ਟ੍ਰੇਨ ਦੀ ਮਿਲੀ ਸੌਗਾਤ
