ਭਗਵੰਤ ਸਿੰਘ ਮਾਨ ਨੇ ਟਾਟਾ ਸਟੀਲ ਦੇ ਉੱਚ-ਪੱਧਰੀ ਵਫ਼ਦ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਸਥਾਪਿਤ ਕੀਤਾ ਗਿਆ ਟਾਟਾ ਸਟੀਲ (Tata Steel) ਦਾ ਅਤਿ-ਆਧੁਨਿਕ ਮੈਨੂਫੈਕਚਰਿੰਗ ਪਲਾਂਟ ਆਉਂਦੇ ਮਾਰਚ ਮਹੀਨੇ ਤੋਂ ਕਾਰਜਸ਼ੀਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਆਲਮੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ।
ਮੁੱਖ ਮੰਤਰੀ ਨੇ ਅੱਜ ਟਾਟਾ ਸਟੀਲ ਦੇ ਇੱਕ ਸੀਨੀਅਰ ਵਫ਼ਦ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ। ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਟਾਟਾ ਸਟੀਲ ਗਰੁੱਪ ਦੁਨੀਆ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਵਿੱਚ ਇਸ ਦਾ ਆਗਮਨ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਹਰ ਸੰਭਵ ਪ੍ਰਸ਼ਾਸਨਿਕ ਸਹਿਯੋਗ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਉਦਯੋਗਿਕ ਵਿਸਥਾਰ ਲਈ ਟਾਟਾ ਸਟੀਲ ਨੂੰ ਸਰਕਾਰ ਵੱਲੋਂ ਪੂਰਾ ਸਮਰਥਨ ਮਿਲਦਾ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ
ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ 115 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਦੀ ਲਾਗਤ ਸ਼ੁਰੂਆਤੀ ਅਨੁਮਾਨ 2,600 ਕਰੋੜ ਤੋਂ ਵਧ ਕੇ ਹੁਣ 3,200 ਕਰੋੜ ਰੁਪਏ ਹੋ ਗਈ ਹੈ। ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਲਗਭਗ 2,500 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਦੀ ਵਰਤੋਂ ਕਰੇਗਾ। ਇੱਥੇ ਲਗਾਈ ਗਈ ‘ਇਲੈਕਟ੍ਰਿਕ ਆਰਕ ਫਰਨੇਸ’ ਤਕਨਾਲੋਜੀ ਕਾਰਬਨ ਨਿਕਾਸ ਨੂੰ ਘਟਾ ਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕਰੇਗੀ। ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ।
Read More : ਪੰਜਾਬ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ : 3 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ
