ਕਿਹਾ-ਮੁੱਖ ਮੰਤਰੀ ਦੇ ਇਸ਼ਾਰੇ ’ਤੇ ਸੀ.ਬੀ.ਆਈ. ਜਾਂਚ ਤੋਂ ਭੱਜ ਰਹੇ ਹਨ ਵੜਿੰਗ
ਚੰਡੀਗੜ੍ਹ, 25 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਮਜੀਠੀਆ ਨੇ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਤੋਂ ਪਿੱਛੇ ਹਟਣ ਲਈ ਵੜਿੰਗ ਨੂੰ ਕਰੜੇ ਹੱਥੀਂ ਲਿਆ।
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਇਸ ਮਾਮਲੇ ਨੂੰ ਦਬਾਉਣ ਲਈ ਆਪਣੀ ‘ਰਾਜਸਥਾਨੀ ਬੱਸ’ ਹੋਰ ਪਾਸੇ ਭਜਾ ਲਈ ਹੈ ਤਾਂ ਜੋ ਉਹ ਆਪਣੇ ਬੱਸਾਂ ਦੀਆਂ ਬਾਡੀਆਂ ਵਾਲੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਤੋਂ ਬਚ ਸਕਣ।
ਮਜੀਠੀਆ ਨੇ ਕਿਹਾ ਕਿ ਇਕ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਇਸ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਹੇ ਹਨ, ਪਰ ਦੂਜੇ ਪਾਸੇ ਵੜਿੰਗ ਆਪਣੀ ਪਾਰਟੀ ਦੀ ਲਾਈਨ ਤੋਂ ਹਟ ਕੇ ਸਰਕਾਰ ਦੀ ਮਦਦ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਵੜਿੰਗ ਨੂੰ ਵਿਰੋਧੀ ਧਿਰਾਂ ’ਚ ਫੁੱਟ ਪਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਉਹ ਹੁਣ ਸੀ.ਬੀ.ਆਈ. ਜਾਂਚ ਤੋਂ ਇਨਕਾਰ ਕਰ ਰਹੇ ਹਨ।
ਅਕਾਲੀ ਆਗੂ ਨੇ ਸਵਾਲ ਉਠਾਇਆ ਕਿ ਕਾਂਗਰਸ ਦੇ ਤਿੰਨ ਸੰਸਦ ਮੈਂਬਰਾਂ—ਰਾਜਾ ਵੜਿੰਗ, ਡਾ. ਅਮਰ ਸਿੰਘ ਅਤੇ ਸ਼ੇਰ ਸਿੰਘ ਘੁਬਾਇਆ—ਨੇ ਅਜੇ ਤੱਕ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਤੀ ਤੌਰ ’ਤੇ ਕਿਉਂ ਨਹੀਂ ਦਿੱਤਾ ਕਿ ਰੰਧਾਵਾ ਨੂੰ ਇਨਸਾਫ਼ ਦਿਵਾਉਣ ਲਈ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਮਜੀਠੀਆ ਨੇ ਮੰਗ ਕੀਤੀ ਕਿ ਕਾਂਗਰਸ ਹਾਈਕਮਾਂਡ ਇਸ ਮੁੱਦੇ ’ਤੇ ਆਪਣਾ ਸਟੈਂਡ ਸਪਸ਼ਟ ਕਰੇ ਕਿ ਕੀ ਉਹ ਪੀੜਤ ਪਰਿਵਾਰ ਦੇ ਨਾਲ ਹੈ ਜਾਂ ਫਿਰ ਸਰਕਾਰ ਨਾਲ ਮਿਲੀ ਹੋਈ ਹੈ।
Read More : ਡੀ.ਐੱਮ. ਰੰਧਾਵਾ ਕੇਸ ’ਚ ਸੀ.ਬੀ.ਆਈ. ਜਾਂਚ ਦੀ ਮੰਗ: ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
