ਪੰਜਾਬ ਦੇ ਪੰਜ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਹੋਈ ਤਾਜਪੋਸ਼ੀ; ਸਾਬਕਾ ਸੈਨਿਕਾਂ ਦੀ ਭਲਾਈ ਲਈ ਪ੍ਰਗਟਾਈ ਵਚਨਬੱਧਤਾ
ਚੰਡੀਗੜ੍ਹ, 19 ਫਰਵਰੀ : ਮੇਜਰ (ਡਾ.) ਗੁਰਚਰਨ ਸਿੰਘ (ਸੇਵਾਮੁਕਤ) ਨੇ ਅੱਜ ਪੰਜਾਬ ਦੇ ਪੰਜ ਪ੍ਰਮੁੱਖ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ ਗੁਰਚਰਨ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਫ਼ੌਜੀ ਅਨੁਸ਼ਾਸਨ ਅਤੇ ਲੰਮਾ ਪ੍ਰਸ਼ਾਸਕੀ ਤਜਰਬਾ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਨਵੀਂਆਂ ਉਚਾਈਆਂ ‘ਤੇ ਲੈ ਕੇ ਜਾਵੇਗਾ। ਮੰਤਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸਾਬਕਾ ਸੈਨਿਕਾਂ ਦੀ ਭਲਾਈ ਦੇ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।
ਇਸ ਦੌਰਾਨ ਮੇਜਰ (ਡਾ.) ਗੁਰਚਰਨ ਸਿੰਘ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਮੇਜਰ ਗੁਰਚਰਨ ਸਿੰਘ ਨੇ ਭਾਰਤੀ ਫ਼ੌਜ ਵਿੱਚ 21 ਸਾਲ ਸ਼ਾਨਦਾਰ ਸੇਵਾ ਨਿਭਾਈ ਹੈ। ਉਹ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ਦੇ ਮਾਹਰ ਮੰਨੇ ਜਾਂਦੇ ਹਨ।
ਫ਼ੌਜੀ ਸੇਵਾ ਦੌਰਾਨ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਵਰਗੇ ਅਹਿਮ ਅਹੁਦਿਆਂ ‘ਤੇ ਰਹਿਣ ਤੋਂ ਇਲਾਵਾ, ਸੇਵਾਮੁਕਤੀ ਤੋਂ ਬਾਅਦ ਵੀ ਉਹ ਲਗਾਤਾਰ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਸਰਗਰਮ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਾਬਕਾ ਸੈਨਿਕ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।
Read More : ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
