ਰਾਜਸਥਾਨ ਪੁਲਸ ਨੇ ਵੀਡੀਓ ਜਾਰੀ ਕਰਨ ਵਾਲੇ ਮੁਲਜ਼ਮ ਨੂੰ ਲਿਆ ਹਿਰਾਸਤ ’ਚ, ਕਾਂਗਰਸ ਨੇ ਦੱਸਿਆ ਹਿੰਸਾ ਦੀ ਸੋਚੀ-ਸਮਝੀ ਸਾਜ਼ਿਸ਼
ਜੈਪੁਰ, 19 ਫਰਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ 25 ਹੋਰ ਸੰਸਦ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੀ ਵੀਡੀਓ ਜਾਰੀ ਕਰਨ ਵਾਲੇ ਇਕ ਵਿਅਕਤੀ ਨੂੰ ਵੀਰਵਾਰ ਨੂੰ ਰਾਜਸਥਾਨ ਦੇ ਕੋਟਾ ’ਚ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।
ਕੋਟਾ ਦੀ ਪੁਲਸ ਸੁਪਰਡੈਂਟ ਤੇਜਸਵਿਨੀ ਗੌਤਮ ਨੇ ਦੱਸਿਆ ਕਿ ਮੁਲਜ਼ਮ ਨੂੰ ਬੋਰਖੇੜਾ ਥਾਣੇ ’ਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਜੇ ਤੱਕ ਕਿਸੇ ਵੀ ਵਿਸ਼ੇਸ਼ ਸੰਗਠਨ ਨਾਲ ਉਸ ਦੇ ਸਬੰਧਾਂ ਦੀ ਕੋਈ ਪੁਸ਼ਟੀ ਨਹੀਂ ਹੋਈ। ਉਦਯੋਗ ਨਗਰ ਪੁਲਸ ਥਾਣੇ ’ਚ ਉਸ ਦੇ ਖ਼ਿਲਾਫ਼ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ। ਸਬੰਧਤ ਧਾਰਾਵਾਂ ਤਹਿਤ ਉਚਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।”
ਦੂਜੇ ਪਾਸੇ, ਕਾਂਗਰਸ ਪਾਰਟੀ ਨੇ ਇਸ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਦਾਅਵਾ ਕੀਤਾ ਹੈ ਕਿ ਇਹ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਹਿੰਸਾ ਭੜਕਾਉਣ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹੈ।
ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਨਾਥੂਰਾਮ ਗੋਡਸੇ ਤਿਆਰ ਕੀਤਾ ਗਿਆ ਸੀ ਅਤੇ ਅੱਜ ਫਿਰ ਇਕ ਹੋਰ ਗੋਡਸੇ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Read More : ਧੀ ਦੇ ਵਿਆਹ ਲਈ ਇੰਗਲੈਂਡ ਤੋਂ ਆਏ ਐੱਨ.ਆਰ.ਆਈ. ਦੇ ਘਰ ’ਤੇ ਫਾਇਰਿੰਗ
