suspended

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਡਵੋਕੇਟ ਧਾਮੀ

ਚੰਡੀਗੜ੍ਹ, 4 ਫਰਵਰੀ: ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ) ਦੀ ਪਿੰਡ ਸੈਣੀਮਾਜਰਾ ਵਿਖੇ ਪੈਂਦੀ ਜ਼ਮੀਨ ਨੂੰ ਧੋਖਾਧੜੀ ਅਤੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਗੰਭੀਰ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਧਾਨ ਧਾਮੀ ਨੇ ਸਪੱਸ਼ਟ ਕੀਤਾ ਕਿ ਗੁਰੂ ਘਰ ਦੀਆਂ ਅਮਾਨਤਾਂ ਵਿੱਚ ਖਿਆਨਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮਾਮਲੇ ਦੀ ਡੂੰਘਾਈ ਨਾਲ ਸਮੀਖਿਆ ਕਰਨ ਅਤੇ ਵਧੇਰੇ ਜਾਂਚ ਲਈ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ।

ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਮੈਨੇਜਰ ਰਜਿੰਦਰ ਸਿੰਘ ਨੇ ਬਿਨਾਂ ਕਿਸੇ ਦਫ਼ਤਰੀ ਪ੍ਰਵਾਨਗੀ ਦੇ ਜਾਅਲੀ ਲੈਟਰਪੈਡ ਤਿਆਰ ਕਰਕੇ ਇਕ ਕਰੋੜ 32 ਲੱਖ ਰੁਪਏ ਦੀ ਜ਼ਮੀਨ ਵੱਖ-ਵੱਖ ਖ਼ਰੀਦਦਾਰਾਂ ਨੂੰ ਵੇਚ ਦਿੱਤੀ ਅਤੇ ਰਕਮ ਆਪਣੇ ਨਿੱਜੀ ਖਾਤੇ ਵਿੱਚ ਜਮ੍ਹਾ ਕਰਵਾ ਲਈ।

ਪ੍ਰਧਾਨ ਧਾਮੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੰਸਥਾ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਜਿਹੇ ਨਕਾਰਾਤਮਕ ਅਨਸਰਾਂ ਵਿਰੁੱਧ ਸਖ਼ਤ ਸਟੈਂਡ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਜਾਇਦਾਦ ਵੇਚਣ ਜਾਂ ਖ਼ਰੀਦਣ ਲਈ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਅਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਲਾਜ਼ਮੀ ਹੈ। ਮੈਨੇਜਰ ਵੱਲੋਂ ਕਰਵਾਈਆਂ ਗਈਆਂ ਰਜਿਸਟਰੀਆਂ ਨੂੰ ਰੱਦ ਕਰਵਾਉਣ ਲਈ ਪੁਲਸ ਅਤੇ ਸਿਵਲ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ ਹੈ।

ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ, ਰਣਜੀਤ ਸਿੰਘ ਕਾਹਲੋਂ, ਮੀਤ ਸਕੱਤਰ ਲਖਬੀਰ ਸਿੰਘ, ਜਸਕਰਨ ਸਿੰਘ ਅਤੇ ਰਣਜੀਤ ਸਿੰਘ ਜਲੰਧਰ ਵੀ ਮੌਜੂਦ ਸਨ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਈਮਾਨਦਾਰੀ ਨਾਲ ਡਿਊਟੀ ਕਰਨ ਦੀ ਤਾੜਨਾ ਕਰਦਿਆਂ ਹਾਂਪੱਖੀ ਪ੍ਰਬੰਧਕੀ ਢਾਂਚੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।

Read More : ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹ

Leave a Reply

Your email address will not be published. Required fields are marked *