Mandiala accident

ਮੰਡਿਆਲਾ ਹਾਦਸਾ : ਮ੍ਰਿਤਕਾਂ ਦੀ ਗਿਣਤੀ 3 ਹੋਈ

ਸਾਰੇ ਜ਼ਖਮੀਆਂ ਦਾ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 23 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਗਲਤ ਮੋੜ ਕੱਟਣ ਕਾਰਨ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਪਿੰਡ ਮੰਡਿਆਲਾ ਨੇੜੇ ਐੱਚ.ਪੀ. ਪੈਟਰੋਲੀਅਮ ਟੈਂਕਰ ਦੀ ਸਬਜ਼ੀਆਂ ਨਾਲ ਭਰੇ ਮਹਿੰਦਰਾ ਪਿਕਅੱਪ ਨਾਲ ਟੱਕਰ ਹੋ ਗਈ, ਜਿਸ ਕਾਰਨ ਟੈਂਕਰ ’ਚ ਧਮਾਕਾ ਹੋ ਗਿਆ। ਜਿਸ ਨੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਹੁਣ ਤੱਕ 3 ਵਿਅਕਤੀਆਂ ਸੁਖਜੀਤ ਸਿੰਘ, ਬਲਵੰਤ ਰਾਏ ਅਤੇ ਧਰਮਿੰਦਰ ਵਰਮਾ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 21 ਲੋਕ ਜ਼ਖਮੀ ਹੋ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਉਹ ਖੁੱਦ ਵੀ ਐੱਸ.ਡੀ.ਐੱਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਤੇ ਪ੍ਰਸ਼ਾਸਨਿਕ ਅਮਲੇ ਨਾਲ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਪੁਲਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਥਾਣਾ ਸਿਟੀ, ਸਦਰ, ਮਾਡਲ ਟਾਊਨ, ਪੁਰਹੀਰਾਂ, ਚੱਬੇਵਾਲ ਅਤੇ ਗੜ੍ਹਦੀਵਾਲਾ ਦੇ ਐੱਸ.ਐੱਚ.ਓ. ਸਮੇਤ ਹੋਰ ਅਧਿਕਾਰੀਆਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ, ਹੁਸ਼ਿਆਰਪੁਰ ਪਹੁੰਚਾਇਆ ਗਿਆ ਅਤੇ ਗੰਭੀਰ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਰੈਫਰ ਕਰ ਦਿੱਤਾ ਗਿਆ। ਜ਼ਖਮੀਆਂ ਦੇ ਇਲਾਜ ਲਈ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਡਾਕਟਰਾਂ ਦੀ ਇਕ ਵਿਸ਼ੇਸ਼ ਟੀਮ ਸਿਵਲ ਹਸਪਤਾਲ ਪਹੁੰਚ ਗਈ ਹੈ ਅਤੇ ਸਾਰੇ ਜ਼ਖਮੀਆਂ ਦਾ ਪੰਜਾਬ ਸਰਕਾਰ ਦੀ ‘ਫਰਿਸ਼ਤੇ ਸਕੀਮ’ ਤਹਿਤ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਫਾਇਰ ਬ੍ਰਿਗੇਡ ਤੋਂ ਇਲਾਵਾ, ਜਲੰਧਰ, ਕਪੂਰਥਲਾ, ਫਗਵਾੜਾ ਅਤੇ ਆਦਮਪੁਰ ਏਅਰ ਫੋਰਸ ਸਟੇਸ਼ਨ ਤੋਂ ਐਂਬੂਲੈਂਸਾਂ ਅਤੇ ਫਾਇਰ ਇੰਜਣ ਵੀ ਮੌਕੇ ’ਤੇ ਭੇਜੇ ਗਏ ਅਤੇ ਐੱਸ.ਡੀ.ਆਰ.ਐੱਫ. ਦੀ ਟੀਮ ਨੂੰ ਵੀ ਤਾਇਨਾਤ ਕੀਤਾ ਗਿਆ।

ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ (2023) ਦੀ ਧਾਰਾ 105 ਅਤੇ 324 (4) ਦੇ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਟਨਾ ਸਥਾਨ ਤੋਂ ਦੂਰ ਰਹਿਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਇਸ ਘਟਨਾ ਨੂੰ ਬਹੁਤ ਦੁਖਦਾਈ ਦੱਸਿਆ ਅਤੇ ਕਿਹਾ ਕਿ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਖਮੀਆਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ।

ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐੱਸ.ਐੱਮ.ਓ. ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਕੁੱਲ 23 ਮਰੀਜ਼ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚੇ। ਦੋ ਮਰੀਜ਼ਾਂ ਨੂੰ ਮ੍ਰਿਤਕ ਹਾਲਤ ਵਿਚ ਲਿਆਂਦਾ ਗਿਆ। ਇਸ ਵੇਲੇ ਸਿਵਲ ਹਸਪਤਾਲ ਵਿਚ 5 ਮਰੀਜ਼ ਦਾਖਲ ਹਨ। ਇਸ ਤੋਂ ਇਲਾਵਾ 14 ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਰੈਫਰ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 2 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਦੂਜੇ ਪਾਸੇ ਅੱਜ ਭੜਕੇ ਪਿੰਡ ਵਾਸੀਆਂ ਨੇ ਸਰਪੰਚ ਸੁਖਵੰਤ ਸਿੰਘ ਦੀ ਅਗਵਾਈ ਵਿਚ ਹਾਵੇਅ ’ਤੇ ਧਰਨਾ ਦਿੱਤਾ।

Read More : ਮੰਡਿਆਲਾਂ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੀ ਮਦਦ ਦਾ ਐਲਾਨ

Leave a Reply

Your email address will not be published. Required fields are marked *