Kirtan Durbar

ਮਾਨ ਅਤੇ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿਚ ਸ਼ਿਰਕਤ ਕੀਤੀ

ਜੰਮੂ-ਕਸ਼ਮੀਰ , 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲਿਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਸਾਰਥਕ ਮੌਕਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।

ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਇੱਕ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਧਰਮ ਵਿੱਚ ਅਟੁੱਟ ਸ਼ਰਧਾ ਤੇ ਵਿਸ਼ਵਾਸ ਰੱਖਣ ਵਾਲੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਭੇਟ ਕਰਦੇ ਹਾਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਦੀ ਗੁਹਾਰ ਲਾਈ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ, 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖਾਲਸੇ ਦਾ ਜਨਮ ਹੋਇਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਿਮਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸਨਮਾਨ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ, ਜਿਸਦੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਏਕਤਾ ਅਤੇ ਧਰਮ ਦੀ ਆਜ਼ਾਦੀ ਦੇ ਸਮਰਥਕ ਸਨ ਅਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ, ਪੰਜਾਬ ਸਰਕਾਰ ਨੇ ਸੂਬੇ ਦੇ ਅੰਦਰ ਅਤੇ ਬਾਹਰ ਲੜੀਵਾਰ ਸਮਾਗਮਾਂ ਦੀ ਯੋਜਨਾ ਉਲੀਕੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਸਦੀਵੀਂ ਰੂਪ ਵਿੱਚ ਰੱਖਣ ਲਈ ਵਚਨਬੱਧ ਹੈ।

Read More : ਲਾਲਪੁਰਾ ਦੀ ਸਜ਼ਾ ’ਤੇ ਰੋਕ ਸਬੰਧੀ ਪਟੀਸ਼ਨ ਹਾਈ ਕੋਰਟ ਵੱਲੋਂ ਖ਼ਾਰਜ

Leave a Reply

Your email address will not be published. Required fields are marked *