Gurmeet Khudiyan

ਪਰਾਲੀ ਪ੍ਰਬੰਧਨ ਲਈ ਮਾਨ ਸਰਕਾਰ ਦਾ ਵੱਡਾ ਕਦਮ: 5358 ਲਾਭਪਾਤਰੀਆਂ ਲਈ 395 ਕਰੋੜ ਦੀ ਸਬਸਿਡੀ ਜਾਰੀ

ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਆਈ ਵੱਡੀ ਗਿਰਾਵਟ : ਖੇਤੀਬਾੜੀ ਮੰਤਰੀ ਖੁੱਡੀਆਂ

ਚੰਡੀਗੜ੍ਹ, 26 ਫਰਵਰੀ : ਪੰਜਾਬ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਅਹਿਮ ਪੁਲਾਂਘ ਪੁੱਟੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਵਿੱਤੀ ਸਾਲ 2025-26 ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਦੀ ਖਰੀਦ ਵਾਸਤੇ 395 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕੁੱਲ 5358 ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ, ਗ੍ਰਾਮ ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰ (CHC) ਸ਼ਾਮਲ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਮਸ਼ੀਨਰੀ ਦੀ ਖਰੀਦ ‘ਤੇ 50 ਫ਼ੀਸਦ ਤੋਂ ਲੈ ਕੇ 80 ਫ਼ੀਸਦ ਤੱਕ ਦੀ ਸਬਸਿਡੀ ਦਿੱਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਨ-ਸੀਟੂ (ਖੇਤ ਵਿੱਚ ਨਿਪਟਾਰਾ) ਅਤੇ ਐਕਸ-ਸੀਟੂ (ਖੇਤ ਤੋਂ ਬਾਹਰ ਨਿਪਟਾਰਾ) ਤਕਨੀਕਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਹੈ।

ਖੇਤੀਬਾੜੀ ਮੰਤਰੀ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਸਹੂਲਤ ਲਈ 66 ਸਹਿਕਾਰੀ ਸਭਾਵਾਂ ਰਾਹੀਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ ਸਥਾਪਤ ਕੀਤੇ ਗਏ ਹਨ। 4181 ਵਿਅਕਤੀਗਤ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਆਧੁਨਿਕ CRM ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। 26 ਪੈਡੀ ਸਪਲਾਈ ਚੇਨਾਂ ਬਣਾਈਆਂ ਗਈਆਂ ਹਨ, ਜੋ ਪਰਾਲੀ ਨੂੰ ਬਾਇਓਮਾਸ ਪਲਾਂਟਾਂ ਤੱਕ ਪਹੁੰਚਾ ਕੇ ਕਿਸਾਨਾਂ ਲਈ ਮਾਲੀਏ ਦਾ ਸਾਧਨ ਬਣਨਗੀਆਂ।

ਪਰਾਲੀ ਸਾੜਨ ਦੇ ਮਾਮਲਿਆਂ ‘ਚ ਰਿਕਾਰਡ ਕਮੀ

ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਾਲ 2024 ਵਿੱਚ ਜਿੱਥੇ 10,909 ਮਾਮਲੇ ਸਾਹਮਣੇ ਆਏ ਸਨ, ਉੱਥੇ ਹੀ ਸਾਲ 2025 ਵਿੱਚ ਇਹ ਅੰਕੜਾ ਘਟ ਕੇ ਸਿਰਫ਼ 5,114 ਰਹਿ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਹਵਾ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

Read More : ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਦੇਣ, ਸੁਖਬੀਰ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ : ਪੰਨੂ

Leave a Reply

Your email address will not be published. Required fields are marked *