ਸਾਈਬਰ ਕਰਾਈਮ ਵਿੰਗ ਦੇ ADGP ਕੋਲ ਦਰਜ ਕਰਵਾਈ ਸ਼ਿਕਾਇਤ
ਗੁਰਦਾਸਪੁਰ, 2 ਮਈ : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਮੌਤ ਦੀ ਝੂਠੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਵਿੰਗ ਦੇ ਏ.ਡੀ.ਜੀ.ਪੀ. (ADGP) ਕੋਲ ਇਸ ਸਬੰਧੀ ਇੱਕ ਰਸਮੀ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਫਰਜ਼ੀ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿੱਚ ਇਹ ਗੁੰਮਰਾਹਕੁੰਨ ਦਾਅਵਾ ਕੀਤਾ ਗਿਆ ਸੀ ਕਿ ਇੱਕ ਹਾਦਸੇ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਤ ਹੋ ਗਈ ਹੈ। ਇਸ ਝੂਠੀ ਖ਼ਬਰ ਦੇ ਫੈਲਣ ਨਾਲ ਜਿੱਥੇ ਸਿਆਸੀ ਹਲਕਿਆਂ ਵਿੱਚ ਹੜਕੰਪ ਮਚ ਗਿਆ, ਉੱਥੇ ਹੀ ਆਮ ਜਨਤਾ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ।
ਸੰਸਦ ਮੈਂਬਰ ਰੰਧਾਵਾ ਨੇ ਮੋਹਾਲੀ ਸਥਿਤ ਸਟੇਟ ਸਾਈਬਰ ਕਰਾਈਮ ਸੈੱਲ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਝੂਠੀ ਪੋਸਟ ਕਾਰਨ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਭਾਰੀ ਮਾਨਸਿਕ ਪ੍ਰੇਸ਼ਾਨੀ ਅਤੇ ਸਦਮੇ ਵਿੱਚੋਂ ਗੁਜ਼ਰਨਾ ਪਿਆ, ਸਗੋਂ ਇਹ ਸ਼ਰਾਰਤ ਸਮਾਜਿਕ ਸ਼ਾਂਤੀ ਨੂੰ ਭੰਗ ਕਰਨ ਦੀ ਇੱਕ ਕੋਸ਼ਿਸ਼ ਸੀ।
ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਫਰਜ਼ੀ ਖ਼ਬਰਾਂ ਘੜਨ ਅਤੇ ਵਾਇਰਲ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।
Read More :ਮਹਿਲਾ ਟੀ-20 ਵਰਲਡ ਕੱਪ ਲਈ ਭਾਰਤੀ ਟੀਮ ਦਾ ਐਲਾਨ; ਹਰਮਨਪ੍ਰੀਤ ਕੌਰ ਸੰਭਾਲੇਗੀ ਕਪਤਾਨੀ
