ਨਿਰਵਿਘਨ ਸਪਲਾਈ ਲਈ ਪ੍ਰਸ਼ਾਸਨ ਨੂੰ ਗੈਸ ਏਜੰਸੀਆਂ ਦੀ ਨਿਯਮਤ ਜਾਂਚ ਦੇ ਨਿਰਦੇਸ਼; ਧੋਖਾਧੜੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਜਲੰਧਰ, 20 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਲੰਧਰ ਵਾਸੀਆਂ ਨੂੰ ਘਰੇਲੂ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੈਸ ਏਜੰਸੀਆਂ ਦੀ ਨਿਯਮਤ ਜਾਂਚ ਕਰਨ ਅਤੇ ਸਿਲੰਡਰਾਂ ਦੇ ਵਜ਼ਨ ਤੇ ਬੁਕਿੰਗ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਕਿਹਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਲੋੜ ਤੋਂ ਵੱਧ ਸਿਲੰਡਰ ਨਾ ਖਰੀਦਣ ਕਿਉਂਕਿ ਸਟਾਕ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪ੍ਰਸ਼ਾਸਨ ਨੇ ਇੱਕ ਵਟਸਐਪ ਹੈਲਪਲਾਈਨ ਨੰਬਰ 9646222555 ਜਾਰੀ ਕੀਤਾ ਹੈ, ਜਿੱਥੇ ਲੋਕ ਗੈਸ ਦੀ ਵੱਧ ਕੀਮਤ ਵਸੂਲਣ ਜਾਂ ਕਾਲਾਬਾਜ਼ਾਰੀ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
Read More : 28 ਨੂੰ 100 ਨਵੇਂ ਮੁਹੱਲਾ ਕਲੀਨਿਕ ਹੋਣਗੇ ਸ਼ੁਰੂ : ਮੁੱਖ ਮੰਤਰੀ ਮਾਨ
