ਸਮਾਰਕ ’ਚ ਲੱਗੀ ਤਸਵੀਰ ਦੇ ਵਿਵਾਦ ਨੂੰ ਲੈ ਕੇ ਸਿੰਘ ਸਾਹਿਬਾਨ ਅੱਗੇ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ, 5 ਜਨਵਰੀ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਕੱਤਰੇਤ ਵਿਖੇ ਪੇਸ਼ ਹੋਏ। ਸ਼ਰਧਾ ਅਤੇ ਨਿਮਰਤਾ ਦਾ ਪ੍ਰਗਟਾਵਾ ਕਰਦਿਆਂ ਮੰਤਰੀ ਸੌਂਦ ਨੰਗੇ ਪੈਰੀਂ ਚੱਲ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਦੇਗ ਕਰਵਾਉਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸਿੰਘ ਸਾਹਿਬਾਨ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ।
ਮੰਤਰੀ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਬਉੱਚ ਸੰਸਥਾ ਹੈ ਅਤੇ ਇਸ ਦਾ ਹਰ ਹੁਕਮ ਉਨ੍ਹਾਂ ਲਈ ਸਿਰ-ਮੱਥੇ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਬਣਾਏ ਗਏ ‘ਭਾਈ ਜੈਤਾ ਜੀ ਸਮਾਰਕ’ ਵਿਚ ਲਗਾਈ ਇਕ ਤਸਵੀਰ ’ਤੇ ਜਥੇਦਾਰ ਸਾਹਿਬ ਨੇ ਇਤਰਾਜ਼ ਜਤਾਇਆ ਸੀ।
ਮੰਤਰੀ ਨੇ ਕਿਹਾ ਕਿ ਹਾਲਾਂਕਿ ਤਸਵੀਰ ਉਸੇ ਵੇਲੇ ਬਦਲ ਦਿੱਤੀ ਗਈ ਸੀ ਪਰ ਵਿਭਾਗ ਦੇ ਮੁਖੀ ਹੋਣ ਦੇ ਨਾਤੇ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪੇਸ਼ ਹੋਏ ਹਨ।
ਜਥੇਦਾਰ ਸਾਹਿਬਾਨ ਨੇ ਮੰਤਰੀ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕਿਸੇ ਵੀ ਪ੍ਰਾਜੈਕਟ ਵਿਚ ਸਿੱਖ ਮਰਿਅਾਦਾ, ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਸਤਿਕਾਰ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ। ਸਿੰਘ ਸਾਹਿਬਾਨ ਨੇ ਇਹ ਵੀ ਸੁਝਾਅ ਦਿੱਤਾ ਕਿ ਵਿਭਾਗ ਵਿਚ ਗੁਰਮਤਿ ਵਿਚਾਰਧਾਰਾ ਦੇ ਜਾਣਕਾਰ ਕਿਸੇ ਵਿਦਵਾਨ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਗਲਤੀਆਂ ਤੋਂ ਬਚਿਆ ਜਾ ਸਕੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਸਿੱਖ ਧਰਮ ਨਾਲ ਸਬੰਧਤ ਕਿਸੇ ਵੀ ਕੰਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਗਵਾਈ ਲੈਣੀ ਲਾਜ਼ਮੀ ਬਣਾਈ ਜਾਵੇ।
Read More : ਪ੍ਰੇਮਿਕਾ ਨੂੰ ਮਿਲਣ ਗਏ ਲੜਕੇ ਨੂੰ ਕੁੱਟ-ਕੁੱਟ ਮਾਰਿਆ
