ਡਰੱਗ ਸਮੱਗਲਿੰਗ ਮਾਮਲੇ ‘ਚ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫਤਾਰ
ਫਾਜ਼ਿਲਕਾ, 9 ਅਗਸਤ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਨਿੱਜੀ ਸੁਰੱਖਿਆ ਅਫ਼ਸਰ (ਪੀ. ਐੱਸ. ਓ.) ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸਨੂੰ ਫਾਜ਼ਿਲਕਾ ਪੁਲਿਸ ਨੇ ਕਾਬੂ ਕੀਤਾ ਹੈ। ਇਹ ਕਾਰਵਾਈ ਨਸ਼ਾ ਸਮੱਗਲਿੰਗ ਨਾਲ ਜੁੜਿਆ ਹੋਇਆ ਮਾਮਲਾ ਦੱਸਿਆ ਜਾ ਰਿਹਾ ਹੈ।
ਫਾਜ਼ਿਲਕਾ ਪੁਲਿਸ ਵਲੋਂ 2015 ਵਿਚ ਦਰਜ ਐੱਨਡੀਪੀਐੱਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (SIT) ਦੀ ਜਾਂਚ ਵਿਚ ਨਾਮਜ਼ਦ ਜੋਗਾ ਸਿੰਘ ਨੂੰ ਫਾਜ਼ਿਲਕਾ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਜੋਗਾ ਸਿੰਘ ਦੇ ਦਿੱਲੀ ਹਵਾਈ ਅੱਡੇ ‘ਤੇ ਹੋਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੋਗਾ ਸਿੰਘ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜੋਗਾ ਸਿੰਘ 2015 ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਸੀ। ਸੁਖਪਾਲ ਖਹਿਰਾ ਨੂੰ ਵੀ ਇਸ ਮਾਮਲੇ ਵਿਚ ਦੁਬਾਰਾ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਲਗਭਗ ਦੋ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਉਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਫਿਲਹਾਲ ਹਾਈ ਕੋਰਟ ਨੇ ਉਸਦੇ ਖਿਲਾਫ ਅਗਲੀ ਸੁਣਵਾਈ ‘ਤੇ ਸਟੇਅ ਆਰਡਰ ਦੇ ਦਿੱਤਾ ਹੈ।
ਪੁਲਿਸ ਰਿਕਾਰਡ ਅਨੁਸਾਰ 2015 ਵਿਚ ਫਾਜ਼ਿਲਕਾ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਵੇਲੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਗਈ ਹੈ।
ਮਾਮਲੇ ਦੀ ਜਾਂਚ ਦੌਰਾਨ ਜੋਗਾ ਸਿੰਘ ਦਾ ਨਾਮ ਵੀ ਸਾਹਮਣੇ ਆਇਆ, ਜਿਸ ਤੋਂ ਬਾਅਦ ਉਹ ਲੰਬੇ ਸਮੇਂ ਤੋਂ ਕੇਸ ਨਾਲ ਸਬੰਧਤ ਕਾਰਵਾਈ ਤੋਂ ਬਾਹਰ ਸੀ। ਇਸ ਮਾਮਲੇ ਵਿਚ ਸਰਕਾਰ ਵੱਲੋਂ ਐਸਆਈਟੀ ਵੀ ਬਣਾਈ ਗਈ ਹੈ ਜਿਸਦੇ ਮੁਖੀ ਲੁਧਿਆਣਾ ਸੀਪੀ ਸਵਪਨ ਸ਼ਰਮਾ ਹਨ। ਇਸ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਪੁੱਛਗਿੱਛ ਲਈ ਗ੍ਰਿਫਤਾਰ ਵੀ ਕੀਤਾ ਸੀ। ਖਹਿਰਾ ਇਸ ਮਾਮਲੇ ’ਚ ਉਨ੍ਹਾਂ ਦਾ ਕੋਈ ਵੀ ਲਿੰਕ ਹੋਣ ਤੋਂ ਲਗਾਤਾਰ ਇਨਕਾਰ ਕਰਦੇ ਆਏ ਹਨ।
Read More : ਉਪ ਮੁੱਖ ਮੰਤਰੀ ਦੀ ਗੱਡੀ ਦਾ ਫਟਿਆ ਟਾਇਰ, ਲੱਗੀ ਅੱਗ