ਹਾਈ ਕੋਰਟ ਨੇ ਜਾਂਚ ਕਾਨੂੰਨ ਅਨੁਸਾਰ ਅੱਗੇ ਵਧਾਉਣ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ, 15 ਅਕਤੂਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਨੂੰ ਰੱਦ ਕਰਨ ਦੀ ਮੰਗ ਸਬੰਧੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਜੱਜ ਤ੍ਰਿਭੂਵਨ ਦਹੀਆ ਨੇ ਜਾਂਚ ਨੂੰ ਕਾਨੂੰਨ ਅਨੁਸਾਰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ।
ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤੇ ਦੁਰਭਾਵਨਾਪੂਰਨ ਤਰੀਕੇ ਨਾਲ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਨੂੰ ਸਿਆਸੀ ਵਿਰੋਧੀਆਂ ਖ਼ਿਲਾਫ਼ ਇਸ ਤਰ੍ਹਾਂ ਤਾਇਨਾਤ ਕੀਤਾ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਆਲੋਚਨਾ ਤੇ ਅਸਹਿਮਤੀ ਨੂੰ ਦਬਾਇਆ ਜਾ ਸਕੇ। ਇਸੇ ਬਦਲੇ ਦੀ ਭਾਵਨਾ ਕਾਰਨ ਸੂਬੇ ’ਚ ਸੱਤਾ ਪਰਿਵਰਤਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਈ ਐੱਫ.ਆਈ.ਆਰ. ਆਰਜ਼ ਦਰਜ ਕੀਤੀਆਂ ਹਨ।
ਨਵੀਂ ਐੱਫ.ਆਈ.ਆਰ. ਦਰਜ ਕਰਨ ਤੋਂ ਇਲਾਵਾ ਪੁਰਾਣੇ ਮਾਮਲੇ ਫਿਰ ਤੋਂ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਖ਼ਾਰਜ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਪੇਸ਼ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਨੇ ਦਲੀਲ ਦਿੱਤੀ ਕਿ ਖਹਿਰਾ ਵੱਲੋਂ ਜਿਨ੍ਹਾਂ ਦਸਤਾਵੇਜ਼ਾਂ ’ਤੇ ਭਰੋਸਾ ਕੀਤਾ ਗਿਆ ਹੈ, ਉਹ ਨਾਜਾਇਜ਼ ਸ੍ਰੋਤਾਂ ਤੋਂ ਪ੍ਰਾਪਤ ਕੀਤੇ ਗਏ ਸਨ ਤੇ ਉਨ੍ਹਾਂ ਨੂੰ ਹੁਣ ਤੱਕ ਕਿਸੇ ਵੀ ਮਾਮਲੇ ’ਚ ਮੁਲਜ਼ਮ ਨਹੀਂ ਬਣਾਇਆ ਗਿਆ।
Read More : ਏਕੇ-47 ਰਾਈਫਲ, 3 ਗਲੌਕ ਪਿਸਤੌਲਾਂ ਬਰਾਮਦ, 2 ਕਾਬੂ