ਵਿਧਾਇਕ ਨਰਿੰਦਰ ਕੌਰ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ

ਭਵਾਨੀਗੜ੍ਹ, 10 ਅਪ੍ਰੈਲ : ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਪਹਿਲੀ ਫ਼ਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ’ਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਵਿਧਾਇਕ ਭਰਾਜ ਨੇ ਮੰਡੀ ’ਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ’ਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਐਮ.ਐਸ.ਪੀ. ’ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਨਿਰਧਾਰਤ ਸਮੇਂ ਅੰਦਰ ਹੋਵੇਗਾ। ਵਿਧਾਇਕ ਨੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਤੁਲਾਈ, ਲਿਫ਼ਟਿੰਗ ਅਤੇ ਭੁਗਤਾਨ ਪ੍ਰਕਿਰਿਆ ’ਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਮੰਡੀ ’ਚ ਬਾਰਦਾਨਾ, ਤੋਲ ਕਾਂਟੇ, ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਛਾਂ ਅਤੇ ਸਫ਼ਾਈ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ।

ਵਿਧਾਇਕ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਫ਼ਸਲ ਲਿਆਉਣ ਸਮੇਂ ਸਰਕਾਰੀ ਮਾਪਦੰਡਾਂ ਦੀ ਪਾਲਣਾ ਕਰਨ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਖ਼ਰੀਦ ਏਜੰਸੀਆਂ ਦੇ ਪ੍ਰਤੀਨਿਧੀ, ਆੜ੍ਹਤੀ ਅਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

Read More : KKR ਬਨਾਮ LSG : ਈਡਨ ਗਾਰਡਨ ਵਿਚ ਲਖਨਊ ਦਾ ਕਬਜ਼ਾ

Leave a Reply

Your email address will not be published. Required fields are marked *