ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

7 ਮਹੀਨਿਆਂ ਤੋਂ ਫ਼ਰਾਰ ਵਿਧਾਇਕ ਪਠਾਣਮਾਜਰਾ ਗਵਾਲੀਅਰ ਤੋਂ ਗ੍ਰਿਫ਼ਤਾਰ, 2 ਸਾਥੀ ਵੀ ਕਾਬੂ

ਜਬਰ-ਜ਼ਨਾਹ ਮਾਮਲੇ ‘ਚ ਪੁਲਿਸ ਹਿਰਾਸਤ ‘ਚੋਂ ਹੋਏ ਸਨ ਫ਼ਰਾਰ; ਅਦਾਲਤ ਨੇ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪਟਿਆਲਾ, 25 ਮਾਰਚ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਬਰ-ਜ਼ਨਾਹ ਦੇ ਮਾਮਲੇ ਵਿੱਚ 7 ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਦੋ ਸਾਥੀਆਂ— ਬਲਜਿੰਦਰ ਸਿੰਘ (ਨਿਵਾਸੀ ਨੰਦਗੜ੍ਹ) ਅਤੇ ਗੁਰਪਾਲ ਸਿੰਘ (ਨਿਵਾਸੀ ਤਹਿਸੀਲ ਭਿਟਰਵਾਰ, ਗਵਾਲੀਅਰ) ਨੂੰ ਵੀ ਕਾਬੂ ਕੀਤਾ ਹੈ।

ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਸਿਵਲ ਲਾਈਨਜ਼ ਥਾਣੇ ਵਿੱਚ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ‘ਤੇ ਜਬਰ-ਜ਼ਨਾਹ, ਧੋਖਾਦੇਹੀ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤ ਔਰਤ ਨੇ ਦੋਸ਼ ਲਾਇਆ ਸੀ ਕਿ ਵਿਧਾਇਕ ਨੇ ਖ਼ੁਦ ਨੂੰ ਤਲਾਕਸ਼ੁਦਾ ਦੱਸ ਕੇ ਉਸ ਨਾਲ 2021 ਵਿੱਚ ਵਿਆਹ ਕੀਤਾ ਅਤੇ ਲਗਾਤਾਰ ਜਿਣਸੀ ਸ਼ੋਸ਼ਣ ਕੀਤਾ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਪਠਾਣਮਾਜਰਾ ਨੂੰ ਭਗੌੜਾ ਐਲਾਨ ਕੇ ਉਨ੍ਹਾਂ ਖ਼ਿਲਾਫ਼ ‘ਲੁੱਕ-ਆਊਟ ਨੋਟਿਸ’ ਵੀ ਜਾਰੀ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਠਾਣਮਾਜਰਾ ਕਰਨਾਲ ਵਿਖੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਏ ਸਨ। ਫ਼ਰਾਰ ਰਹਿਣ ਦੌਰਾਨ ਉਨ੍ਹਾਂ ਨੇ ਇੱਕ ਵਿਦੇਸ਼ੀ ਵੈੱਬ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਇਨ੍ਹਾਂ ਦੋਸ਼ਾਂ ਨੂੰ ‘ਸਿਆਸੀ ਸਾਜ਼ਿਸ਼’ ਕਰਾਰ ਦਿੱਤਾ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਸਾਰੀ ਕਾਰਵਾਈ ਨੂੰ ਐੱਸ.ਪੀ. ਵੈਭਵ ਚੌਧਰੀ ਅਤੇ ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਡੀ.ਐੱਸ.ਪੀ. ਰਾਜੇਸ਼ ਮਲਹੋਤਰਾ, ਇੰਸਪੈਕਟਰ ਪ੍ਰਦੀਪ ਬਾਜਵਾ, ਇੰਸਪੈਕਟਰ ਅੰਕੁਰਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਟੀਮ ਨੇ ਨੇਪਰੇ ਚਾੜ੍ਹਿਆ।

Read More : ਹਰਦੀਪ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Leave a Reply

Your email address will not be published. Required fields are marked *