ਹੜ੍ਹ ਪੀੜਤਾਂ ਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਦੀਪ ਰੰਧਾਵਾ
ਡੇਰਾ ਬਾਬਾ ਨਾਨਕ, 14 ਸਤੰਬਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹ ਵਿਸ਼ੇਸ਼ ਤੌਰ ’ਤੇ ਪਿੰਡ ਧਰਮਕੋਟ ਪੱਤਨ ਵਿਖੇ ਪਹੁੰਚੇ, ਜਿੱਥੋਂ ਹੜ੍ਹ ਕਾਰਨ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਿਆ ਸੀ। ਪੰਜਾਬ ਸਰਕਾਰ ਦੇ ਡਰੇਨਜ਼ ਵਿਭਾਗ ਵੱਲੋਂ ਇਸ ਧੁੱਸੀ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਦਾ ਨਿਰੀਖਣ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।
ਇਸ ਮੌਕੇ ਇਲਾਕਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ’ਚ ਹੜ੍ਹਾਂ ਕਾਰਨ ਜਿੱਥੋਂ-ਜਿੱਥੋਂ ਵੀ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ ਜਾਂ ਜਿਹੜੀਆਂ ਸੜਕਾਂ ਰੁੜ੍ਹ ਗਈਆਂ ਸਨ, ਉਨ੍ਹਾਂ ਦੀ ਮੁਰੰਮਤ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੇ ਇਕ ਹਫਤੇ ਤੱਕ ਧੁੱਸੀ ਬੰਨ੍ਹ ਦੇ ਪਏ ਪਾੜਾਂ ਨੂੰ ਭਰ ਲਿਆ ਜਾਵੇਗਾ ਅਤੇ ਨਾਲ ਹੀ ਸੜਕਾਂ ਦੀ ਮੁਰੰਮਤ ਕਰ ਕੇ ਉਨ੍ਹਾਂ ਨੂੰ ਆਵਾਜਾਈ ਯੋਗ ਕਰ ਦਿੱਤਾ ਜਾਵੇਗਾ।
ਧੁੱਸੀ ਬੰਨ੍ਹ ਦੇ ਪਏ ਪਾੜਾਂ ਨੂੰ ਭਰਨ ’ਚ ਜਿਹੜੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਗੁਰਦੀਪ ਸਿੰਘ ਰੰਧਾਵਾ ਨੇ ਉਨ੍ਹਾਂ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਹੈ। ਗੁਰਦੀਪ ਸਿੰਘ ਰਧਾਵਾ ਨੇ ਕਿਹਾ ਕਿ ਹੜ੍ਹ ਪੀੜਤਾਂ ਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਅਗਲੇ 45 ਦਿਨਾਂ ’ਚ ਸਾਰੇ ਹੜ੍ਹ ਪੀੜਤਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬੀਤੇ ਕੱਲ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਪਿੰਡਾਂ ’ਚ ਹੜ੍ਹਾਂ ਕਾਰਨ ਜਿਨਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦਾ ਸਰਵੇ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ’ਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਹੜ੍ਹ ਪੀੜਤ ਨੂੰ ਉਸਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।
Read More : ਭਤੀਜੇ ਨੇ ਸਾਬਕਾ ਵਿਧਾਇਕ ਬੈਂਸ ਦੀ ਗੱਡੀ ’ਤੇ ਚਲਾਈਆਂ ਗੋਲੀਆਂ