ਚੰਡੀਗੜ੍ਹ, 10 ਮਾਰਚ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਲ 2026-27 ਦੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਸਮਾਜ ਦੇ ਹਰ ਵਰਗ, ਖਾਸ ਕਰਕੇ ਔਰਤਾਂ ਦੇ ਮਾਣ-ਸਨਮਾਨ ਨੂੰ ਵਧਾਉਣ ਵਾਲਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਧੀਆਂ ਲਈ ਇੱਕ ਵੱਡਾ ਤੋਹਫ਼ਾ ਹੈ। ਉਨ੍ਹਾਂ ‘ਮੁੱਖ ਮੰਤਰੀ ਮਾਵਾਂ ਅਤੇ ਧੀਆਂ ਸਤਿਕਾਰ ਯੋਜਨਾ’ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਵਿੱਤੀ ਤੌਰ ‘ਤੇ ਆਜ਼ਾਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਸਮਾਜ ਦੇ ਸਭ ਤੋਂ ਕਮਜ਼ੋਰ ਵਰਗ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਨੇ ਵੰਡ, ਅੱਤਵਾਦ ਅਤੇ ਨਸ਼ਿਆਂ ਵਰਗੇ ਕਈ ਦਰਦਨਾਕ ਦੌਰ ਦੇਖੇ ਹਨ, ਜਿਨ੍ਹਾਂ ਦਾ ਸਭ ਤੋਂ ਵੱਧ ਸੰਤਾਪ ਔਰਤਾਂ ਨੇ ਹੰਢਾਇਆ ਹੈ। ਉਨ੍ਹਾਂ ਪ੍ਰਸਿੱਧ ਲੇਖਕਾ ਅੰਮ੍ਰਿਤਾ ਪ੍ਰੀਤਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਔਰਤਾਂ ਦੇ ਇਸ ਦਰਦ ਅਤੇ ਹਿੰਮਤ ਨੂੰ ਹੁਣ ਸਰਕਾਰ ਪਛਾਣ ਰਹੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਔਰਤਾਂ ਦੇ ਅਣਗੌਲੇ ਯੋਗਦਾਨ ਨੂੰ ਹੁਣ ਆਰਥਿਕ ਸਨਮਾਨ ਰਾਹੀਂ ਵਡਿਆਇਆ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੀ “ਮੇਰੀ ਰਸੋਈ ਯੋਜਨਾ” ਰਾਹੀਂ ਲਗਭਗ 40 ਲੱਖ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਮਿਲ ਰਹੀ ਹੈ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਜਟ ‘ਡਿਊਟੀ ਦੇ ਆਖਰੀ ਵਿਅਕਤੀ’ ਯਾਨੀ ਕਿ ਸਮਾਜ ਦੇ ਸਭ ਤੋਂ ਪਿਛੜੇ ਵਿਅਕਤੀ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
