ਕੈਬਨਿਟ ਮੰਤਰੀਆਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ
ਗੁਰਦਾਸਪੁਰ, 20 ਨਵੰਬਰ : ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ’ਚ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸਜਾਇਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ, ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਸਮੇਤ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ. ਐੱਸ. ਪੀ. ਆਦਿੱਤਿਆ ਸਮੇਤ ਵੱਡੀ ਗਿਣਤੀ ’ਚ ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਸਮੇਤ ਇਲਾਕੇ ਦੀ ਸੰਗਤ ਨਤਮਸਤਕ ਹੋਈ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਅੱਜ ਅਸੀਂ ਸਾਰੇ ਵਡਭਾਗੇ ਹਾਂ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਮਨਾ ਰਹੇ ਹਾਂ ਅਤੇ ਪੰਜਾਬ ਸਰਕਾਰ ਵਲੋਂ ਅੱਜ ਗੁਰਦਾਸਪੁਰ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ ਅਤੇ ਗੁਜਰਾਤ ਵਿਖੇ ਗੁਰੂ ਜੀ ਦੇ ਸ਼ਹੀਦੀ ਸਮਾਗਮਾਂ ਸਬੰਧੀ ਪਹੁੰਚੇ ਸਨ ਅਤੇ ਉਥੋਂ ਦੇ ਲੋਕ ਵੀ ਗੁਰੂ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਦਿੱਤੇ ਗਏ ਬਲੀਦਾਨ ਨੂੰ ਸਿਜਦਾ ਕਰਦੇ ਹਨ।
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ, ਬਾਬਾ ਸੁਖਵਿੰਦਰ ਸਿੰਘ ਜੀ, ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ, ਸੰਤ ਅਨੂਪ ਸਿੰਘ, ਸੰਤ ਸਤਨਾਮ ਸਿੰਘ, ਬਾਬਾ ਸਾਧ ਜੀ ਬਿਧੀ ਚੰਦੀਏ, ਸੁਖਦੇਵ ਸਿੰਘ ਭੂਰਾ, ਸਾਬਕਾ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਬੰਧਕ ਕਮੇਟੀ, ਬਘੇਲ ਸਿੰਘ ਸਾਬਕਾ ਮੈਨੇਜਰ ਆਦਿ ਸਖਸ਼ੀਅਤਾਂ ਮੌਜੂਦ ਸਨ।
ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦਾਸਪੁਰ ਪੁਲਿਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ’ਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
Read More : ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਤੇ ਪਰਿਵਾਰ ਦੇ 5 ਖਾਤੇ ਹੋਣਗੇ ਡੀ ਫ੍ਰੀਜ਼
