Nagar Kirtan

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ

ਅੰਮ੍ਰਿਤਸਰ, 21 ਅਗਸਤ : ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਆਰੰਭ ਹੋਇਆ। ਨੌਵੇਂ ਪਾਤਿਸ਼ਾਹ ਆਪਣੀ ਆਸਾਮ ਫੇਰੀ ਦੌਰਾਨ ਇਸ ਪਾਵਨ ਅਸਥਾਨ ’ਤੇ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਦੋ ਰਾਜਿਆਂ ਦੀ ਲੜਾਈ ਖ਼ਤਮ ਕਰਵਾਈ ਅਤੇ ਸੰਗਤਾਂ ਨੂੰ ਭਰਮਾਂ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ।

ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਕੀਤੀਆਂ।

ਨਗਰ ਕੀਰਤਨ ਦੌਰਾਨ ਵਿਸ਼ੇਸ਼ ਬੱਸ ਰਾਹੀਂ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ। ਅੱਜ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ, ਜਿੱਥੋਂ ਭਲਕੇ ਮਾਲਦਾ ਲਈ ਰਵਾਨਾ ਹੋਵੇਗਾ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਜ਼ਿਲਾ ਧੋਬੜੀ ਦੇ ਡਿਪਟੀ ਕਮਿਸ਼ਨਰ ਦੀਵਾਕਰ ਨਾਥ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਆਦਿ ਹਾਜ਼ਰ ਸਨ।

Read More : ਬਾਗੀ ਅਕਾਲੀਆਂ ਵੱਲੋਂ ਬਣਾਇਆ ਦਲ ਭਾਜਪਾ ਤੇ ‘ਆਪ’ ਦੀ ਬੀ ਟੀਮ : ਸੁਖਬੀਰ ਬਾਦਲ

Leave a Reply

Your email address will not be published. Required fields are marked *