ਬੱਚਿਆਂ ਦੀ ਸਿਹਤ ਅਤੇ ਸਫ਼ਾਈ ਲਈ ਖਰਚੇ ਜਾਣਗੇ 7.78 ਕਰੋੜ ਰੁਪਏ; ਕੈਬਨਿਟ ਮੰਤਰੀ ਵੱਲੋਂ ਫੰਡ ਜਾਰੀ ਕਰਨ ਦੇ ਨਿਰਦੇਸ਼
ਚੰਡੀਗੜ੍ਹ, 16 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਸੂਬੇ ਦੇ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ‘ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰੇਕ ਟਾਇਲਟ ਦੇ ਨਿਰਮਾਣ ‘ਤੇ ਕਰੀਬ 36 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਜ਼ਿਲ੍ਹਿਆਂ ਨੂੰ ਜਲਦ ਹੀ ਫੰਡ ਜਾਰੀ ਕਰ ਦਿੱਤੇ ਜਾਣਗੇ ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਹੋ ਸਕੇ। ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਮੁਕੰਮਲ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਾ ਪਹਿਲਾ ਪੜਾਅ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਮਾਹੌਲ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਸਹੂਲਤਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਸਰਕਾਰੀ ਸੈਂਟਰਾਂ ‘ਤੇ ਹੋਰ ਮਜ਼ਬੂਤ ਹੋਵੇਗਾ।
Read More : ਪੰਜਾਬ ਕਰੇਗਾ ਹਾਕੀ ਏਸ਼ੀਆ ਕੱਪ ਦੀ ਮੇਜ਼ਬਾਨੀ; ਜਲੰਧਰ ਅਤੇ ਮੋਹਾਲੀ ‘ਚ ਸਜਣਗੇ ਮੈਦਾਨ
