ਸਿਮਰਨਜੀਤ ਮਾਨ

ਹੁਸੈਨੀਵਾਲਾ ਤੇ ਸੁਲੇਮਾਨਕੀ ਬਾਰਡਰ ਖੁੱਲ੍ਹਵਾਉਣ ਲਈ ਜਲਦੀ ਉਲੀਕਿਆ ਜਾਵੇਗਾ ਅਗਲਾ ਪ੍ਰੋਗਰਾਮ: ਸਿਮਰਨਜੀਤ ਮਾਨ

ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਤਲਵੰਡੀ ਸਾਬੋ ’ਚ ਸਿਆਸੀ ਕਾਨਫਰੰਸ; ਕੇਂਦਰ ਤੇ ਪੰਜਾਬ ਸਰਕਾਰ ’ਤੇ ਲਾਏ ਤਿੱਖੇ ਨਿਸ਼ਾਨੇ

ਤਲਵੰਡੀ ਸਾਬੋ, 14 ਅਪ੍ਰੈਲ: ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਤਲਵੰਡੀ ਸਾਬੋ ਵਿਖੇ ਇਕ ਵਿਸ਼ਾਲ ਰਾਜਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ਨੂੰ ਅਣਗੌਲੇ ਕਰਨ ਦੇ ਗੰਭੀਰ ਦੋਸ਼ ਲਾਏ।

ਸ. ਮਾਨ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਦੇਸ਼ ’ਚ ਅੱਜ ਵੀ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਦੇਸ਼-ਵਿਦੇਸ਼ ’ਚ ਸਿੱਖ ਆਗੂਆਂ ਦੇ ਹੋ ਰਹੇ ਕਤਲਾਂ ਲਈ ਕੇਂਦਰ ਦੀ ਭਾਜਪਾ ਸਰਕਾਰ ਅਤੇ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਿੱਖ ਵਿਰੋਧੀ ਰਵੱਈਆ ਅਪਣਾ ਰਹੀ ਹੈ ਅਤੇ ਸੰਸਦ ’ਚ ਸਿੱਖ ਹਿੱਤਾਂ ਦੇ ਉਲਟ ਕਾਨੂੰਨ ਪਾਸ ਕੀਤੇ ਜਾ ਰਹੇ ਹਨ।

ਸ. ਮਾਨ ਨੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸੂਬੇ ਦੇ ਆਰਥਿਕ ਹੱਕਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਐਲਾਨ ਕੀਤਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਹੁਸੈਨੀਵਾਲਾ ਅਤੇ ਸੁਲੇਮਾਨਕੀ ਬਾਰਡਰ ਖੁੱਲ੍ਹਵਾਉਣ ਵਾਸਤੇ ਪਾਰਟੀ ਵੱਲੋਂ ਜਲਦੀ ਹੀ ਅਗਲਾ ਸੰਘਰਸ਼ੀ ਪ੍ਰੋਗਰਾਮ ਉਲੀਕਿਆ ਜਾਵੇਗਾ।

ਇਸ ਕਾਨਫਰੰਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਨੇ ਵੀ ਸੰਬੋਧਨ ਕੀਤਾ। ਮੌਕੇ ’ਤੇ ਪ੍ਰੋ. ਮੋਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਮਾਸਟਰ ਕਰਨੈਲ ਸਿੰਘ ਨਾਰੀਕੇ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

Read More : ਕੰਚਨ ਕੁਮਾਰੀ ਕਤਲ ਕੇਸ: ਮੁੱਖ ਮੁਲਜ਼ਮ ਦੇ 3 ਮੋਬਾਈਲ ਫ਼ੋਨਾਂ ਦੀ ਫੋਰੈਂਸਿਕ ਜਾਂਚ ਕਰੇਗੀ ਪੁਲਸ

Leave a Reply

Your email address will not be published. Required fields are marked *